ਰਾਜਪਾਲ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ
ਸਰਬਜੀਤ ਸਿੰਘ ਭੰਗੂ ਪਟਿਆਲਾ, 27 ਜਨਵਰੀ ਇੱਥੋਂ ਦੇ ਪੋਲੋ ਗਰਾਊਂਡ ਵਿੱਚ ਹੋਏ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਪਰੇਡ ਦਾ ਜਾਇਜ਼ਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ...
ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਜਨਵਰੀ
ਇੱਥੋਂ ਦੇ ਪੋਲੋ ਗਰਾਊਂਡ ਵਿੱਚ ਹੋਏ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਪਰੇਡ ਦਾ ਜਾਇਜ਼ਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਆਜ਼ਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲਾਮਬੰਦ ਹੁੰਦਿਆਂ ਸੂਬਾ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਡੀਜੀਪੀ ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐੱਸਐੱਸਪੀ ਵਰੁਣ ਸ਼ਰਮਾ ਵੀ ਮੌਜੂਦ ਸਨ।
ਸ੍ਰੀ ਪੁਰੋਹਿਤ ਨੇ ਕਿਹਾ ਕਿ ਲੱਖਾਂ ਆਜ਼ਾਦੀ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਮਿਲੀ ਤੇ ਇਸ ਗਣਤੰਤਰ ਦਾ ਨਿਰਮਾਣ ਹੋਇਆ। ਉਨ੍ਹਾਂ ਡਾ. ਭੀਮ ਰਾਓ ਅੰਬੇਡਕਰ ਸਣੇ ਬੀਐੱਨ ਰਾਓ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਉਨ੍ਹਾਂ ਵੱਲੋਂ ਦਿਖਾਏ ਰਾਹ ’ਤੇ ਤੁਰਨ ਦਾ ਪ੍ਰਣ ਲੈਣ ’ਤੇ ਜ਼ੋਰ ਦਿੱਤਾ। ਉਨ੍ਹਾਂ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦੇਣ ਲਈ ਵੀ ਪ੍ਰ੍ਰੇਰਿਆ। ਉਨ੍ਹਾਂ ਨੇ ਹੜ੍ਹਾਂ ਦੌਰਾਨ ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਤੇ ਲੋਕਾਂ ਵੱਲੋਂ ਦਿਖਾਏ ਹੌਸਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਰਾਜਪਾਲ ਨੇ ਅਵਤਾਰ ਸਿੰਘ ਸਣੇ ਹੋਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਤੋਂ ਪਹਿਲਾਂ ਵਾਣੀ ਸਕੂਲ ਪਟਿਆਲਾ ਸਕੂਲ ਫਾਰ ਦਿ ਡੈੱਫ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ ਡੈੱਫ ਦੇ ਵਿਦਿਆਰਥੀਆਂ ਨੇ ਗੁਬਾਰੇ ਛੱਡੇ ਤੇ ਸੰਕੇਤਕ ਭਾਸ਼ਾ ’ਚ ਰਾਸ਼ਟਰੀ ਗਾਨ ਗਾਇਆ। ਇਸ ਮੌਕੇ ਸੰਸਦ ਮੈਂਬਰ ਪ੍ਰਨੀਤ ਕੌਰ, ਵਿਧਾਇਕ ਅਜੀਤਪਾਲ ਕੋਹਲੀ, ਦੇਵ ਮਾਨ ਤੇ ਗੁਰਲਾਲ ਘਨੌਰ ਸਣੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘਚੰਦ ਸ਼ੇਰਮਾਜਰਾ ਵੀ ਮੌਜੂਦ ਸਨ।
ਸਰਕਾਰ ਵੱਲੋਂ ਭੇਜੀਆਂ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
ਪਟਿਆਲਾ: ਇੱਥੋਂ ਦੇ ਪੋਲੋ ਗਰਾਊਂਡ ਵਿੱਚ ਹੋਏ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਝਾਕੀਆਂ ਦੀ ਸ਼ੁਰੂਆਤ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਣ ਤੋਂ ਹੋਈ। ਇਸ ਵਿੱਚ ਸਾਕਾ ਜੱਲ੍ਹਿਆਂਵਾਲਾ ਬਾਗ਼, ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾਕਟਰ ਦੀਵਾਨ ਸਿੰਘ ਕਾਲੇਪਾਣੀ ਤੇ ਕੌਮਾਗਾਟਾ ਮਾਰੂ ਦੀ ਘਟਨਾ ਨੂੰ ਪ੍ਰਦਰਸ਼ਿਤ ਕੀਤਾ ਗਿਆ। ਦੂਜੀ ਝਾਕੀ ਰਾਹੀਂ ‘ਨਾਰੀ ਸ਼ਕਤੀ’ ਅਤੇ ਸਿੱਖਿਅਤ ਬੱਚੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਨੂੰ ਬਾਖੂਬੀ ਦਰਸਾਇਆ ਗਿਆ। ਤੀਜੀ ਝਾਕੀ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਰਸਾਉਂਦੀਆਂ ਹੋਰ ਝਾਕੀਆਂ ਵੀ ਕੱਢੀਆਂ ਗਈਆਂ।