ਪੁਰਾਤਨ ਸਰੂਪ ਚੋਰੀ ਕਰਨ ਵਾਲਿਆਂ ਨੂੰ ਸਰਕਾਰ ਬੇਨਕਾਬ ਕਰੇ: ਲੌਂਗੋਵਾਲ

ਪੁਰਾਤਨ ਸਰੂਪ ਚੋਰੀ ਕਰਨ ਵਾਲਿਆਂ ਨੂੰ ਸਰਕਾਰ ਬੇਨਕਾਬ ਕਰੇ: ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਅਰਦਾਸਪੁਰਾ ਕਲਿਆਣ ਵਿਖੇ ਕਮੇਟੀ ਮੈਂਬਰਾਂ ਤੋਂ ਜਾਣਕਾਰੀ ਹਾਸਲ ਕਰਦੇ ਹੋਏ।

ਰਵੇਲ ਸਿੰਘ ਭਿੰਡਰ

ਪਟਿਆਲਾ, 3 ਅਗਸਤ

ਗੁਰਦੁਆਰਾ ਅਰਦਾਸਪੁਰਾ ਕਲਿਆਣ ਵਿਖੇ 100 ਸਾਲਾ ਪੁਰਾਤਨ ਪਾਵਨ ਸਫ਼ਰੀ ਸਰੂਪ ਦੇ ਗੁੰਮ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਦੋਸ਼ੀਆਂ ਨੂੰ ਬੇਨਕਾਬ ਕਰਕੇ ਜਲਦੀ ਸਖਤ ਸਜ਼ਾ ਦਿੱਤੀ ਜਾਵੇ ਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਖੁਦ ਅੱਜ ਗੁਰਦੁਆਰਾ ਅਰਦਾਸਪੁਰਾ ਕਲਿਆਣ ਵਿਖੇ ਨਤਮਸਤਕ ਹੋਣ ਪੁੱਜੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਪਾਵਨ ਅਸਥਾਨ ’ਤੇ ਪਹੁੰਚ ਕੇ ਸੱਚਖੰਡ ਦਰਬਾਰ ’ਚੋਂ ਚੋਰੀ ਹੋਏ ਸਫ਼ਰੀ ਸਰੂਪ ਸਬੰਧੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਪਾਵਨ ਸਰੂਪ ਦੇ ਚੋਰੀ ਹੋਣ ਨਾਲ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਸੰਗਤਾਂ ’ਚ ਮੰਦਭਾਗੀ ਘਟਨਾ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਪ੍ਰਤੀ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਵਨ ਸਰੂਪ ਦਾ ਚੋਰੀ ਬਾਰੇ ਪਤਾ ਲੱਗਣ ਨਾਲ ਸੰਗਤਾਂ ਦੀ ਆਸਥਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਗਠਿਤ ਜਾਂਚ ਕਮੇਟੀ ਵੱਲੋਂ ਤਿਆਰ ਕੀਤੀ ਪੜਤਾਲ ਤੋਂ ਬਾਅਦ ਹੀ ਕਿਸੇ ਸਿੱਟੇ ’ਤੇ ਪੁੱਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੂੰ ਵੀ ਇਸ ਮਾਮਲੇ ਪ੍ਰਤੀ ਸੰਜੀਦਗੀ ਵਿਖਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਗੁਰੂ ਹਨ ਤੇ ਸਮਾਜ ਦੇ ਮਾੜੇ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਨਾਲ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੁੰਦਾ ਹੈ।

ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅੰਤਿ੍ਰੰਗ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਮੈਨੇਜਰ ਕਰਨੈਲ ਸਿੰਘ ਨਾਭਾ, ਪਰਵਿੰਦਰ ਸਿੰਘ , ਲਖਵਿੰਦਰ ਸਿੰਘ ਅਜਰੌਰ, ਬੇਅੰਤ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All