ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 2 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਕਲੀ ਦਲ ਅਤੇ ਉਸ ਸਮੇਂ ਦੇ ਚੀਫ ਸਕੱਤਰ ਕਰਨ ਅਵਤਾਰ ਸਿੰਘ ਦੀ ਗੱਲ ਮੰਨੀ ਹੁੰਦੀ ਤਾਂ ਅੱਜ ਨਕਲੀ ਸ਼ਰਾਬ ਤੋਂ ਇਹ ਦਰਦਨਾਕ ਦਿਨ ਨਾ ਦੇਖਣਾ ਪੈਂਦਾ। ਅੱਜ ਇੱਥੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਆਪਣੇ ਵਿਧਾਇਕਾਂ ਅਤੇ ਆਗੂਆਂ ਨੂੰ ਇਸ ਤਰ੍ਹਾਂ ਪੰਜਾਬ ਲੁੱਟਣ ਅਤੇ ਲੋਕਾਂ ਦੀਆਂ ਜਾਨਾ ਨਾਲ ਖੇਡਣ ਦੀ ਇਜਾਜਤ ਦੇਣ ਵਾਲੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਲਾਲਚਵੱਸ ਰਾਜ ਧਰਮ ਦੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਰਾਜਪੁਰਾ ਵਿਚ ਨਕਲੀ ਸ਼ਰਾਬ ਦੀ ਫੈਕਟਰੀ ਫੜੀ ਗਈ ਸੀ ਤਾਂ ਉਨ੍ਹਾਂ ਨੇ ਸਰਕਾਰ ਨੂੰ ਸਾਰਾ ਸ਼ੀਸ਼ਾ ਦਿਖਾ ਦਿੱਤਾ ਸੀ। ਇੱਕ ਮੁੱਖ ਸਕੱਤਰ ਨੇ ਵੀ ਮੰਤਰੀਆਂ ਦੀ ਹਾਜ਼ਰੀ ਵਿਚ ਸਰਕਾਰ ਨੂੰ ਦੱਸ ਦਿੱਤਾ ਕਿ ਨਾਜਾਇਜ਼ ਸ਼ਰਾਬ ਕਾਰੋਬਾਰ ਰਾਹੀਂ ਕਿਸ ਤਰ੍ਹਾਂ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਇਆਂ ਦਾ ਘਾਟਾ ਪਾਇਆ ਜਾ ਰਿਹਾ ਹੈ ਪਰ ਸਰਕਾਰ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ।
ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਹੁਣ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਅਤੇ ਆਪਣੇ ਘਰ ਭਰਨ ਵਾਲੇ ਵਿਧਾਇਕਾਂ ਨੂੰ ਨੱਥ ਨਾ ਪਾਈ ਤਾਂ ਪੰਜਾਬ ਦੀ ਜਵਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੀ ਸੀਬੀਆਈ ਜਾਂਚ ਕਰਵਾਈ ਜਾਵੇ।