ਸ਼ੁਤਰਾਣਾ ਦੇ ਪਿੰਡਾਂ ਲਈ ਪੰਜ ਕਰੋੜ ਦੀਆਂ ਗਰਾਂਟਾਂ ਜਾਰੀ
ਆਮ ਆਦਮੀ ਪਾਰਟੀ ਦੀ ਸਰਕਾਰ ਸਰਵਪੱਖੀ ਵਿਕਾਸ ਲਈ ਵਚਨਬੱਧ: ਬਾਜ਼ੀਗਰ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਰੰਗਲਾ ਪੰਜਾਬ ਸਕੀਮ ਤਹਿਤ ਹਲਕਾ ਸ਼ੁਤਰਾਣਾ ਦੇ ਪਿੰਡਾਂ ਦੇ ਵਿਕਾਸ ਕੰਮਾਂ ਲਈ ਪੰਜ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਦੇ ਚੈੱਕ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਧਨੇਠਾ, ਸਪਰਹੇੜੀ, ਨਵਾਂ ਪਿੰਡ ਕਲਵਾਨੂੰ, ਖਾਂਗ ਅਤੇ ਸ਼ੁਤਰਾਣਾ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਤਕਸੀਮ ਕੀਤੇ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਪਿੰਡਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦੇ ਵਿਕਾਸ ਲਈ ਲੱਗੇ ਹੋਏ ਹਨ। ਇਸ ਲੜੀ ਤਹਿਤ ਪਿੰਡਾਂ ਲਈ ਪੰਜ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਹੋ ਚੁੱਕੀਆਂ ਹਨ ਅਤੇ ਆਉਂਦੇ ਇੱਕ-ਦੋ ਦਿਨਾਂ ਵਿੱਚ ਪੰਚਾਇਤਾਂ ਦੇ ਖਾਤਿਆਂ ਵਿੱਚ ਗਰਾਂਟ ਰਾਸ਼ੀ ਪੈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿੱਚ ਹਲਕੇ ਦੇ ਪਿੰਡਾਂ ਲਈ ਪੰਜ ਕਰੋੜ ਰੁਪਏ ਹੋਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਾਨ ਨਾਲ ਜਿੱਤ ਦਰਜ ਕਰ ਕੇ ਦੂਜੀ ਵਾਰ ਸਰਕਾਰ ਬਣਾਵੇਗੀ।

