ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ਼ਿਕਾਇਤ ਨਿਵਾਰਨ ਕੈਂਪ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ’ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਦੂਸਰੀ ਅਪੀਲ ਦੇ ਕੇਸਾਂ ਦੀ ਸੁਣਵਾਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਏ ਵਿਸ਼ੇਸ਼ ਕੈਂਪ ਦੌਰਾਨ ਕੀਤੀ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੈਂਪ ਦੌਰਾਨ ਲਗਪਗ 135 ਅਪੀਲਾਂ ਦੀ ਸੁਣਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇਕੇ ਇਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਦੀ ਪ੍ਰਾਪਤ ਹੋਈ ਸ਼ਿਕਾਇਤ ਦੇ ਨਿਪਟਾਰੇ ਵਿੱਚ ਕੋਈ ਕੁਤਾਹੀ ਅਤੇ ਬਿਨਾਂ ਕਾਰਨ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਪੀਡੀਏ ਦੇ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਆਰਟੀਓ ਬਬਨਦੀਪ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ਲੋਕਾਂ ਦੇ ਮਸਲੇ ਤੇ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਸਹਾਈ ਸਾਬਤ ਹੋ ਰਿਹਾ ਹੈ।