ਗੁਰਨਾਮ ਸਿੰਘ ਚੌਹਾਨ
ਪਾਤੜਾਂ, 24 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੁੱਲ੍ਹੀ ਮੰਡੀ, ਠੇਕਾ ਨੀਤੀ ਅਤੇ ਜਮ੍ਹਾਂਖੋਰੀ ਸਬੰਧੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਵਿੱਚ ਗੁੱਸੇ ਦੀ ਲਹਿਰ ਪੈਦਾ ਹੁੰਦੀ ਜਾ ਰਹੀ ਹੈ। ਕੇਂਦਰ ਦੀਆਂ ਇਨ੍ਹਾਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਸਬ-ਡਵਿੀਜ਼ਨ ਪਾਤੜਾਂ ਦੇ ਪਿੰਡ ਗੋਬਿੰਦਪੁਰਾ ਪੈਂਦ ਵਿਚ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਇਕੱਤਰ ਜਥੇਬੰਦੀ ਦੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਆਗੂ ਸਾਹਿਬ ਸਿੰਘ ਦੁਤਾਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਾਰੂ ਸਾਬਿਤ ਹੋ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਹੁਣ ਕਿਸਾਨਾਂ ਨੂੰ ਉਜਾੜਨ ਦੇ ਰਾਹ ਤੁਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੁੱਲ੍ਹੀ ਮੰਡੀ ਦੀ ਨੀਤੀ ਸਬੰਧੀ ਆਰਡੀਨੈਂਸ ਠੇਕਾ ਨੀਤੀ ਅਤੇ ਜਮ੍ਹਾਂਖੋਰੀ ਸਬੰਧੀ ਬਣਾਏ ਜਾ ਰਹੇ ਕਾਨੂੰਨ ਕਿਸਾਨ ਮਾਰੂ ਹਨ। ਅਜਿਹੇ ਲੋਕ ਮਾਰੂ ਕਾਨੂੰਨ ਪਾਸ ਕਰਕੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਹੱਥ ਠੋਕਾ ਬਣੀ ਹੋਈ ਹੈ ਅਤੇ ਖੇਤੀ ਖੇਤਰ ਵਿੱਚੋਂ ਕਿਸਾਨਾਂ ਨੂੰ ਬਾਹਰ ਕਰਨ ਦੀਆਂ ਵਿਉਂਤਾਂ ਬਣਾਈਆਂ ਜਾ ਰਹੀਆਂ ਹਨ। ਇਸ ਦੌਰਾਨ ਇਕ ਵੱਖਰੇ ਮਤੇ ਰਾਹੀਂ ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਵੱਲੋਂ ਪੰਜਾਬੀ ਕਿਸਾਨਾਂ ਨੂੰ ਉਜਾੜੇ ਜਾਣ ਦੀ ਨਿਖੇਧੀ ਕਰਦਿਆਂ 28 ਜੂਨ ਤੱਕ ਪਿੰਡ ਪੱਧਰ ਉੱਤੇ ਭਾਜਪਾ ਸਰਕਾਰਾਂ ਦੀਆਂ ਅਰਥੀਆਂ ਫੂਕਣ ਦਾ ਐਲਾਨ ਕੀਤਾ ਹੈ।