ਖੇਤਰੀ ਪ੍ਰਤੀਨਿਧ
ਪਟਿਆਲਾ, 26 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਨੌਵੇਂ ਪਾਤਸ਼ਾਹ ਦੇ ਅਸਥਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਤੱਕ ਗੁਰਮਤਿ ਸਮਾਗਮ ਕਰਵਾ ਕੇ ਮਨਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ ਨੇ ਸੰਗਤ ਨੂੰ ਕਥਾ ਰਾਹੀਂ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਦੀ ਦੇਖ-ਰੇਖ ਹੇਠਾਂ ਹੋਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਜਥਿਆਂ ਵਿਚ ਭਾਈ ਰਵਿੰਦਰ ਸਿੰਘ , ਭਾਈ ਲਖਵਿੰਦਰ ਸਿੰਘ, ਭਾਈ ਅਮਨਦੀਪ ਸਿੰਘ ਤੋਂ ਇਲਾਵਾ ਗੁਰੂ ਕੀ ਕਾਂਸੀ ਤੋਂ ਬਾਬਾ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਕੇ ਨਿਹਾਲ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਖੁਦ ਕਥਾ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ।