Harjinder Kaur Weightlifter: ਰਾਜਪਾਲ ਕਟਾਰੀਆ ਵੱਲੋਂ ਹਰਜਿੰਦਰ ਕੌਰ ਦਾ ਸਨਮਾਨ
ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿੱਚ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਦਾ ਤਗ਼ਮਾ ਜੇਤੂ ਅਤੇ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ। ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਲਗਾਤਾਰ ਉੱਤਮ ਪ੍ਰਦਰਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਇਸ ਤੋਂ ਪਹਿਲਾਂ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ-2022 ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਹੁਣ ਰਾਸ਼ਟਰਮੰਡਲ ਖੇਡਾਂ-2026 ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ, ਨਿਰੰਤਰਤਾ ਅਤੇ ਸਖ਼ਤ ਮਿਹਨਤ ਦਾ ਸਬੂਤ ਦਿੱਤਾ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਹਰਜਿੰਦਰ ਕੌਰ ਵਰਗੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ ਅਤੇ ਖਾਸ ਕਰ ਕੇ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਅਤੇ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕਰਦੇ ਹਨ। ਰਾਜਪਾਲ ਨੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਉਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਪੰਜਾਬ ਅਤੇ ਭਾਰਤ ਲਈ ਹੋਰ ਵੀ ਕਈ ਤਗਮੇ ਜਿੱਤਣਗੇ। ਹਰਜਿੰਦਰ ਕੌਰ ਨੇ ਸਨਮਾਨ ਅਤੇ ਹੌਸਲਾ-ਅਫ਼ਜ਼ਾਈ ਲਈ ਰਾਜਪਾਲ ਦਾ ਧੰਨਵਾਦ ਕੀਤਾ।
ਫਰੀ ਸਟਾਈਲ ਕੁਸ਼ਤੀਆਂ ਦੇ ਮੁਕਾਬਲਿਆਂ ਦਾ ਆਗਾਜ਼
ਪਟਿਆਲਾ: ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ਤੇ 19 ਲੜਕਿਆਂ ਦੇ ਫਰੀ ਸਟਾਈਲ ਕੁਸ਼ਤੀਆਂ ਦੇ ਮੁਕਾਬਲੇ ਕੇਸਰ ਦੇ ਅਖਾੜੇ ਵਿੱਚ ਕਰਵਾਏ ਗਏ। ਪੰਜਾਬ ਕੁਸ਼ਤੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਮਹਿੰਦਰ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ’ਤੇ ਕੇਸਰ ਬਾਗ ਦੇ ਅਖਾੜੇ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜੋਨਲ ਸਕੱਤਰ ਪਾਤੜਾਂ, ਸਾਰਜ ਸਿੰਘ ਕੋਚ ਕੁਸ਼ਤੀਆਂ ਖੇਡ ਵਿਭਾਗ, ਰਾਕੇਸ਼ ਅਰੋੜਾ ਪੀ ਟੀ ਆਈ, ਲੈਕਚਰਾਰ ਨਰੰਜਣ ਸਿੰਘ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

