ਖੇਤਰੀ ਪ੍ਰਤੀਨਿਧ
ਪਟਿਆਲਾ, 31 ਜੁਲਾਈ
ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਕਲੋਨੀਆਂ ’ਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਹਤ ਟੀਮਾਂ ਨੂੰ ਬਾਰਿਸ਼ਾਂ ਤੋਂ ਬਾਅਦ ਘਰਾਂ ਵਿੱਚ ਪਾਣੀ ਦੇ ਮੱਛਰ ਦੀ ਪੈਦਾਇਸ਼ ਨੂੰ ਚੈੱਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਡਲ ਅਫਸਰ ਡਾ. ਸੁਮਿਤ ਸਿੰਘ ਨੇ ਕਿਹਾ ਕਿ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲ਼ਰਾਂ, ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਉਪਲਬਧ ਹੈ। ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਭਰ ’ਚ 33,750 ਥਾਵਾਂ ’ਤੇ ਖੜ੍ਹੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ 717 ਥਾਂਵਾ ਤੋਂ ਮੱਛਰਾਂ ਦਾ ਲਾਰਵਾ ਮਿਲਿਆ।