ਖੇਤਰੀ ਪ੍ਰਤੀਨਿਧ
ਪਟਿਆਲਾ, 24 ਅਗਸਤ
ਜ਼ਿਲ੍ਹੇ ਵਿੱਚ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਪ੍ਰਦਾਨ ਕੀਤੀਆਂ ਜਾ ਰਹੀਆ ਸੇਵਾਵਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਅਧਿਕਾਰੀਆਂ ਨੂੰ ਸਿਹਤ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਬਣਾਏ ਗਏ ਪੰਜ ਆਮ ਆਦਮੀ ਕਲੀਨਿਕਾਂ ਦਾ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ ਅਤੇ ਹੁਣ ਤੱਕ ਇਨ੍ਹਾਂ ’ਚ 2000 ਦੇ ਕਰੀਬ ਲੋਕਾਂ ਨੇ ਆਪਣਾ ਇਲਾਜ ਕਰਵਾ ਕੇ ਇਨ੍ਹਾਂ ਦਾ ਲਾਭ ਲਿਆ ਹੈ। ਡੀ.ਸੀ. ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਵਿਧਾਨ ਹਲਕਿਆਂ ਵਿੱਚ ਵੀ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਲਈ ਢੁਕਵੀਆਂ ਥਾਵਾਂ ਦੀ ਚੋਣ ਕਰ ਕੇ ਤਜਵੀਜ਼ ਬਣਾ ਕੇ ਭੇਜੀ ਜਾਵੇ।
ਡੀਸੀ ਸਾਕਸ਼ੀ ਸਾਹਨੀ ਨੇ ਸਿਹਤ ਅਧਿਕਾਰੀਆਂ ਨੂੰ ਓਟ ਸੈਂਟਰ ਅਤੇ ਨਸ਼ਾ ਮੁਕਤੀ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਲੋੜੀਂਦਾ ਸਾਮਾਨ ਦੀ ਤਜਵੀਜ਼ ਜਲਦ ਬਣਾ ਕੇ ਭੇਜਣ ਲਈ ਕਿਹਾ। ਇਸ ਮੌਕੇ ਉਨ੍ਹਾਂ ਵਧੀਆ ਕਾਰਗੁਜ਼ਾਰੀ ਵਾਲੀਆਂ ਜ਼ਿਲ੍ਹੇ ਦੀਆਂ 13 ਆਸ਼ਾ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕਰਦਿਆਂ ਹੌਸਲਾ-ਅਫ਼ਜਾਈ ਕੀਤੀ।