ਰਵੇਲ ਸਿੰਘ ਭਿੰਡਰ
ਪਟਿਆਲਾ,21 ਅਕਤੂਬਰ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਪੰਚਮੀ ਦੇ ਦਿਹਾੜੇ ਮੌਕੇ ਸੰਗਤ ਨਤਮਸਤਕ ਹੋਈ।ਸਵੱਖਤੇ ਕਵਾੜ ਖੁੱਲ੍ਹਦਿਆਂ ਮੁੱਖਵਾਕ ਉਪਰੰਤ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ। ਇਸ ਮੌਕੇ ਆਸਾ ਦੀ ਵਾਰ ਭਾਈ ਤੇਜਿੰਦਰਪਾਲ ਸਿੰਘ ਅਤੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਭਾਈ ਸੁਖਵੀਰ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਹਰਕਿਰਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨ ਦਾ ਉਪਰਾਲਾ ਕੀਤਾ। ਪੰਚਮੀ ਦੇ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਦਿਆਂ ਗੁਰੂ ਸਾਹਿਬ ਦੇ ਦਰਬਾਰ ਵਿਚ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੋਵਿਡ-19 ਦੇ ਚੱਲਦਿਆਂ ਸੰਗਤਾਂ ਦੀ ਆਮਦ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ। ਗੁਰਦੁਆਰੇ ਦੇ ਗਲਿਆਰੇ ’ਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਹੱਥਾਂ ਨੂੰ ਸੈਨੇਟਾਈਜ਼ ਕੀਤਾ ਅਤੇ ਮੂੰਹ ’ਤੇ ਮਾਸਕ ਲਗਾ ਕੇ ਗੁਰੂ ਘਰ ਹਾਜ਼ਰੀ ਲਵਾਈ। ਇਸ ਮੌਕੇ ਤਾਇਨਾਤ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸੰਗਤਾਂ ਨੂੰ ਕੋਵਿਡ ਲਾਗ ਤੋਂ ਬਚਾਅ ਲਈ ਪ੍ਰੇਰਿਆ ਗਿਆ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਕਰੋਨਾ ਸੰਕਟ ਦੇ ਚੱਲਦਿਆਂ ਸੰਗਤਾਂ ਨੂੰ ਅਜੇ ਵੀ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੀਆਂ ਹਦਾਇਤਾਂ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਗੰਭੀਰ ਹੈ। ਇਸ ਮੌਕੇ ਕਥਾਵਾਚਕ ਭਾਈ ਪ੍ਰਿਤਪਾਲ ਸਿੰਘ ਨੇ ਵੀ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਦਿਆਂ ਪ੍ਰੇਰਨਾ ਦਿੱਤੀ ਕਿ ਸ਼ਬਦ ਗੁਰੂ ਸਮਰੱਥ ਹਨ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਗੁਰਵਿੰਦਰ ਸਿੰਘ, ਮਨਜੀਤ ਸਿੰਘ ਹਾਜ਼ਰ ਸਨ।