ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 15 ਜੁਲਾਈ
ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਗੁਰੂ ਮਾਰਗ ਦਾ ਪਾਂਧੀ ਬਣਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰੇ ਦੇ ਦੀਵਾਨ ਹਾਲ ਵਿੱਚ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਖੇਲ ਸਾਹਿਬ ਦੇ ਗਿਆਨੀ ਭਾਈ ਭੁਪਿੰਦਰਪਾਲ ਸਿੰਘ ਨੂੰ ਪੀਐਚਡੀ ਮੁਕੰਮਲ ਹੋਣ ’ਤੇ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ’ਚ ਪੰਜਾਬੀ ਯੂਨੀਵਰਸਿਟੀ ਦੇ ਖੋਜ ਵਿਭਾਗ ਦੇ ਪ੍ਰੋੋਫੈਸਰ ਡਾ. ਪਰਮਵੀਰ ਸਿੰਘ ਨੂੰ ਸਨਮਾਨਤ ਕੀਤਾ। ਇਸ ਮੌਕੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ ਹਾਜ਼ਰ ਸਨ।