ਖੇਤਰੀ ਪ੍ਰਤਨਿਧ
ਪਟਿਆਲਾ, 6 ਅਕਤੂਬਰ
ਇਥੇ ਸਿੱਖਿਆ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਅਧਿਆਪਕ ਦਿਵਸ ਮੌਕੇ ਪਟਿਆਲਾ ਜ਼ਿਲ੍ਹੇ ਦੇ 100 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਵਧਾਉਣ ਲਈ ਮਾਰਗ ਦਰਸ਼ਕ ਬਣਨ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਈਸ਼ਾ ਸਿੰਘਲ ਉਚੇਚੇ ਤੌਰ ਉੱਤੇ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜ. ਅਮਰਜੀਤ ਸਿੰਘ ਨੇ ਕਿਹਾ ਕਿ ਇਸ ਸਮਾਗਮ ਵਿੱਚ ਪਟਿਆਲਾ ਜ਼ਿਲ੍ਹੇ ਦੇ 16 ਬਲਾਕਾਂ ਦੇ 100 ਅਧਿਆਪਕਾਂ ਨੂੰ ਬਿਹਤਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ਹੈ। ਹਰੇਕ ਸਾਲ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਲਈ ਕਰਵਾਏ ਜਾਂਦੇ ਸਮਾਗਮ ਵਿੱਚ ਚੰਗੇ ਨਤੀਜੇ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਂਦਾ ਹੈ।