ਸਰਕਾਰੀ ਸਵਿਮਿੰਗ ਪੂਲ ਦੇ ਵਿਕਾਸ ਦੀ ਆਸ ਬੱਝੀ
ਗੁਰਨਾਮ ਸਿੰਘ ਅਕੀਦਾ
ਪਟਿਆਲਾ ਵਿੱਚ ਇੱਕੋ ਇਕ ਸਰਕਾਰੀ ਸਵਿਮਿੰਗ ਪੂਲ ’ਤੇ ਹੁਣ ਪੰਜਾਬ ਸਰਕਾਰ ਦੀ ਸਵੱਲੀ ਨਜ਼ਰ ਪਈ ਹੈ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਸਵਿਮਿੰਗ ਪੂਲ ’ਤੇ ਪੰਜਾਬ ਸਰਕਾਰ 15 ਲੱਖ ਰੁਪਏ ਖ਼ਰਚ ਕਰ ਕੇ ਇਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਟੈਂਡਰ ਜਾਰੀ ਹੋ ਚੁੱਕਾ ਹੈ, ਜਲਦੀ ਹੀ ਕੰਮ ਸ਼ੁਰੂ ਹੋਵੇਗਾ। ਡਿਪਟੀ ਕਮਿਸ਼ਨਰ ਇੱਥੇ ਨਗਰ ਨਿਗਮ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਸਰਕਾਰੀ ਸਵਿਮਿੰਗ ਪੂਲ ’ਚ ਮਾਧਵ ਕੇਆਰਜੀ ਲਿਮਟਿਡ ਮੰਡੀ ਗੋਬਿੰਦਗੜ੍ਹ ਵੱਲੋਂ ਖਿਡਾਰੀਆਂ ਦੀ ਸਹੂਲਤ ਲਈ ਲਾਏ ਵਾਟਰ ਕੂਲਰ ਅਤੇ ਆਰਓ ਸਿਸਟਮ ਦਾ ਉਦਘਾਟਨ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ 15 ਲੱਖ ਰੁਪਏ ਦੇ ਨਾਲ ਲੜਕੀਆਂ ਅਤੇ ਲੜਕਿਆਂ ਦੇ ਵੱਖ-ਵੱਖ ਪਖਾਨੇ ਅਤੇ ਇਕ ਨਵਾਂ ਹਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਰੂਰਤ ਅਨੁਸਾਰ ਹੋਰ ਸਹੂਲਤਾਂ ਇਸ ਪੂਲ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਨੇ ਸਵਿਮਿੰਗ ਪੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਕੋਚਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਮਾਧਵ ਕੇਆਰਜੀ ਲਿਮਟਿਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੁਣ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ, ਸਮਾਜਿਕ ਸੰਸਥਾਵਾਂ ਅਤੇ ਉਦਯੋਗ ਜਗਤ ਵੀ ਸਰਕਾਰ ਦੇ ਲੋਕ ਕਲਿਆਣ ਦੇ ਕੰਮਾਂ ਵਿਚ ਭਾਗੀਦਾਰ ਬਣ ਰਿਹਾ ਹੈ। ਰਾਜੀਵ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਗਰੁੱਪ ਇਸ ਤਰ੍ਹਾਂ ਦੇ ਸੇਵਾ ਕਾਰਜ ਕਰਦਾ ਰਹਿੰਦਾ ਹੈ। ਇਸ ਮੌਕੇ ਜ਼ਿਲ੍ਹਾ ਸਵਿਮਿੰਗ ਐਸੋਸੀਏਸ਼ਨ ਦੇ ਸਕੱਤਰ ਸੰਦੀਪ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸਵੀਮਿੰਗ ਕੋਚ ਰਾਜਪਾਲ ਸਿੰਘ ਚਹਿਲ, ਰਾਜ ਕੁਮਾਰ ਰਾਜੂ, ਦੇਵ ਸ਼ਰਮਾ, ਜ਼ਿਲ੍ਹਾ ਸਵਿਮਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਤੇ ਚੇਅਰਮੈਨ ਉਪਕਾਰ ਸਿੰਘ ਆਦਿ ਹਾਜ਼ਰ ਸਨ।