ਪੱਤਰ ਪ੍ਰੇਰਕ
ਰਾਜਪੁਰਾ, 19 ਅਪਰੈਲ
ਸਦਰ ਪੁਲੀਸ ਨੇ ਆਈਲੈਟਸ ਦੀ ਕੋਚਿੰਗ ਲੈਣ ਗਈ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲੀਸ ਨੇ ਦੱਸਿਆ ਕਿ ਇੱਕ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਬਾਲਗ ਲੜਕੀ ਰਾਜਪੁਰਾ ਦੇ ਕੋਚਿੰਗ ਸੈਂਟਰ ਵਿੱਚ ਆਈਲੈਟਸ ਦੀ ਕਲਾਸਾਂ ਲਗਾ ਰਹੀ ਹੈ। ਆਮ ਦਿਨਾਂ ਵਾਂਗ ਕੱਲ੍ਹ ਵੀ ਉਹ ਕਲਾਸ ਲਗਾਉਣ ਗਈ ਸੀ। ਬਾਅਦ ਦੁਪਹਿਰ 3 ਵਜੇ ਲੜਕੀ ਨੇ ਆਪਣੀ ਭਰਜਾਈ ਨੂੰ ਫੋਨ ਕਰਕੇ ਦੱਸਿਆ ਕਿ ਬਸੰਤਪੁਰਾ-ਪੋਲਾ ਰੋਡ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਘੇਰਿਆ ਹੋਇਆ ਹੈ। ਇਸ ਤੋਂ ਬਾਅਦ ਲੜਕੀ ਦਾ ਫੋਨ ਬੰਦ ਹੋ ਗਿਆ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਲੜਕੀ ਨੂੰ ਅਗਵਾ ਕਰ ਲਿਆ ਗਿਆ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਅਮਨਦੀਪ ਤਰੀਕਾ ਨੇ ਦੱਸਿਆ ਕਿ ਜਿਸ ਲੜਕੀ ਦੇ ਅਗਵਾ ਕਰਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ ਉਹ ਸਹੀ ਸਲਾਮਤ ਆਪਣੇ ਘਰ ਪਰਤ ਆਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।