ਹਰਦੀਪ ਸਿੰਘ ਭੰਗੂ
ਭਾਦਸੋਂ, 3 ਸਤੰਬਰ
ਇਕ ਪਾਸੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਨਾਜਾਇਜ਼ ਮਾਈਨਿੰਗ ਰੋਕਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਪਟਿਆਲਾ ਦੀ ਸਬ ਤਹਿਸੀਲ ਭਾਦਸੋਂ ਵਿੱਚ ਨਾਜਾਇਜ਼ ਮਾਈਨਿੰਗ ਦਾ ਧੰਦਾ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਜਿਸ ਨੂੰ ਪ੍ਰਸ਼ਾਸਨਿਕ ਅਧਿਕਾਰੀ ਅੱਖੋਂ ਓਹਲੇ ਕਰ ਰਹੇ ਹਨ। ਪਿੰਡ ਦੇ ਖੇਤਾਂ ਵਿੱਚੋਂ ਨਾਜਾਇਜ਼ ਮਾਈਨਿੰਗ ਕਰਕੇ ਮਿੱਟੀ ਪੁੱਟ ਕੇ ਵੇਚੀ ਜਾ ਰਹੀ ਹੈ। ਪੱਤਰਕਾਰਾਂ ਵੱਲੋਂ ਪਿੰਡ ਖੇੜੀ ਜੱਟਾਂ ਦੇ ਨਜ਼ਦੀਕ ਜਾ ਕੇ ਦੇਖਿਆ ਗਿਆ ਤਾਂ ਖੇਤਾਂ ਵਿੱਚ ਨਾਜਾਇਜ਼ ਤੌਰ ’ਤੇ ਦੋ ਜੇਸੀਬੀ ਮਸ਼ੀਨਾਂ ਰਾਹੀਂ ਮਿੱਟੀ ਪੁੱਟ ਕੇ ਟਿੱਪਰਾਂ ਵਿਚ ਪਾਈ ਜਾ ਰਹੀ ਸੀ। ਪਾਬੰਦੀ ਦੇ ਬਾਵਜੂਦ ਕੁਝ ਲੋਕ ਅਜੇ ਵੀ ਨਾਜਾਇਜ਼ ਮਾਈਨਿੰਗ ਕਰ ਕੇ ਜਿੱਥੇ ਸਰਕਾਰ ਦੇ ਹੁਕਮਾਂ ਦੀਆਂ ਰੱਜ ਕੇ ਧੱਜੀਆਂ ਉਡਾਉਂਦੇ ਹਨ ਉੱਥੇ ਹੀ ਮਹਿੰਗੇ ਮੁੱਲ ਮਿੱਟੀ ਵੇਚ ਕੇ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਵੀ ਮਾਰ ਰਹੇ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕਈ ਪਿੰਡਾਂ ਵਿੱਚ ਮਾਈਨਿੰਗ ਕਰਕੇ ਜਿੱਥੇ ਟਿੱਪਰਾਂ ਨਾਲ ਸੜਕਾਂ ਟੁੱਟ ਰਹੀਆਂ ਹਨ ਉੱਥੇ ਹੀ ਓਵਰਲੋਡ ਟਿੱਪਰ ਵੱਡੇ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ। ਇਲਾਕਾ ਵਾਸੀਆਂ ਦੀ ਮੰਗ ਹੈ ਕਿ ਨਾਜਾਇਜ਼ ਮਾਈਨਿੰਗ ਦੇ ਇਸ ਅਮਲ ’ਤੇ ਫ਼ੌਰੀ ਰੋਕ ਲਾਈ ਜਾਵੇ।
ਕੀ ਕਹਿੰਦੇ ਨੇ ਅਧਿਕਾਰੀ
ਮਾਈਨਿੰਗ ਅਫ਼ਸਰ ਵਿਕਰਮ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਨਾਜਾਇਜ਼ ਮਾਈਨਿੰਗ ਨਾ ਕਰਨ ਦੀਆਂ ਸਖ਼ਤ ਹਦਾਇਤਾਂ ਹਨ ਪਰ ਫਿਰ ਵੀ ਉਹ ਇਸ ਮਾਮਲੇ ਦੀ ਪੜਤਾਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਨਾਜਾਇਜ਼ ਮਾਈਨਿੰਗ ਦੀ ਗੱਲ ਸਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।