Improve Sewerage And Infrastructure Facilities: ਕਲੌਦੀ ਦੀ ਪੰਚਾਇਤ ਨੂੰ 17.50 ਲੱਖ ਦੀ ਗ੍ਰਾਂਟ
ਪਿੰਡ ਦੀ ਪੰਚਾਇਤ ਨੇ ਵਿਧਾਇਕਾ ਭਰਾਜ ਦਾ ਧੰਨਵਾਦ ਕੀਤਾ
ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਕਲੌਦੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਪਿੰਡ ਦੇ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪੰਚਾਇਤ ਨੂੰ 17.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੀਵਰੇਜ ਪ੍ਰਬੰਧ ਕਿਸੇ ਵੀ ਪਿੰਡ ਦੇ ਬੁਨਿਆਦੀ ਢਾਂਚੇ ਦਾ ਅਹਿਮ ਹਿੱਸਾ ਹੈ ਅਤੇ ਇਸ ਦੀ ਸੁਚਾਰੂ ਵਿਵਸਥਾ ਨਾਲ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈ ਗ੍ਰਾਂਟ ਨੂੰ ਪਿੰਡ ਦੀ ਲੋੜ ਅਨੁਸਾਰ ਸੀਵਰੇਜ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਵਰਤਿਆ ਜਾਵੇਗਾ।
ਵਿਧਾਇਕ ਭਰਾਜ ਨੇ ਇਸ ਗ੍ਰਾਂਟ ਨੂੰ ਮਨਜ਼ੂਰ ਕਰਵਾਉਣ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਸਹਿਯੋਗ ਦੇਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਸਦਕਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਚਾਇਤ ਕਲੌਦੀ ਦੇ ਸਮੂਹ ਮੈਂਬਰਾਂ, ਪਤਵੰਤਿਆਂ ਅਤੇ ਨਗਰ ਨਿਵਾਸੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੀਵਰੇਜ ਪ੍ਰਬੰਧ ਵਿੱਚ ਸੁਧਾਰ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

