ਗੁਰਨਾਮ ਸਿੰਘ ਚੌਹਾਨ
ਪਾਤੜਾਂ, 11 ਜਨਵਰੀ
ਘੱਗਰ ਦਰਿਆ ਦੀ ਮਾਰ ਹੇਠ ਆਉਂਦੇ ਪੰਜਾਬ ਵਿਧਾਨ ਸਭਾ ਦੇ ਅਖੀਰਲੇ (ਰਾਖਵੇਂ ) ਹਲਕੇ ਸ਼ੁਤਰਾਣੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਤੇ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਬਾਜੀਗਰ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਜਦਕਿ ਕਾਂਗਰਸ, ਭਾਜਪਾ, ਪੰਜਾਬ ਲੋਕ ਕਾਂਗਰਸ, ਅਕਾਲੀ ਦਲ ( ਸੰਯੁਕਤ ) ਸਮੇਤ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਚੋਣ ਮੈਦਾਨ ਵਿੱਚ ਆਉਣੇ ਬਾਕੀ ਹਨ। ਅਗਾਮੀ ਚੋਣ ਲਈ ਅਕਾਲੀ-ਭਾਜਪਾ ਗੱਠਜੋੜ ਵੱਲੋਂ ਬੀਬੀ ਵਨਿੰਦਰ ਕੌਰ ਲੂੰਬਾ ਨੇ ਸਾਥੀਆਂ ਦੇ ਸਹਿਯੋਗ ਨਾਲ ਰੁੱਸਿਆਂ ਨੂੰ ਮਨਾਉਣ ਉਪਰੰਤ ਚੋਣ ਪ੍ਰਚਾਰ ਦਾ ਪਹਿਲਾ ਗੇੜ ਮੁਕੰਮਲ ਕਰ ਲਿਆ ਹੈ। ‘ਆਪ’ ਦੇ ਕੁਝ ਆਗੂਆਂ ਨੂੰ ਜਿੱਥੇ ਰੁੱਸਿਆਂ ਨੂੰ ਮਨਾਉਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ,ਉਥੇ ‘ਆਪ’ ਦਾ ਕੋਈ ਉਚ ਆਗੂ ਹਲਕੇ ਵਿੱਚ ਆਪਣੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਫਿਲਹਾਲ ਨਹੀਂ ਪੁੱਜ। ਇਸ ਹਲਕੇ ਤੋਂ ਵਿਧਾਇਕ ਨਿਰਮਲ ਸਿੰਘ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਆਵਾਜ਼ ਉਠਾਉਣ ਵਾਲੇ ਮੁੱਢਲੇ ਬਾਗੀ ਵਿਧਾਇਕ ਹਨ।