ਰਵੇਲ ਸਿੰਘ ਭਿੰਡਰ
ਪਟਿਆਲਾ, 8 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸਿੱਖਾਂ ਦੇ ਮਸਲਿਆਂ ਪ੍ਰਤੀ ਕਾਂਗਰਸ ਸਰਕਾਰ ਕਦੇ ਵੀ ਗੰਭੀਰ ਨਹੀਂ ਹੋਈ ਹੈ, ਤੇ ਅੱਜ ਵੀ ਕਾਂਗਰਸ ਦੇ ਰਾਜ ’ਚ ਸਿੱਖਾਂ ਨਾਲ ਵਧੀਕੀਆਂ ਦਾ ਸਿਲਸਿਲਾ ਜਾਰੀ ਹੈ। ਉਹ ਸ੍ਰੀ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਕਲਿਆਣ ਤੋਂ 100 ਸਾਲਾ ਪੁਰਾਤਨ ਪਾਵਨ ਸਫ਼ਰੀ ਸਰੂਪ ਚੋਰੀ ਹੋਣ ਦੇ ਰੋਸ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਅੱਗੇ ਲੜੀਵਾਰ ਰੋਸ ਮੁਜ਼ਾਹਰੇ ਦੇ ਦੂਜੇ ਦਿਨ ਰੋਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਸਨ। ਇਹ ਰੋਸ ਧਰਨਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਦਿੱਤਾ ਗਿਆ ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕੀਤਾ।
ਭਾਈ ਲੌਂਗੋਵਾਲ ਨੇ ਕਿਹਾ ਕਿ ਸਰੂਪ ਚੋਰੀ ਹੋਏ ਨੂੰ ਤਿੰਨ ਹਫ਼ਤੇ ਤੋਂ ਵੱਧ ਦਾ ਸਮਾਂ ਲੰਘ ਚੁੱਕਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਮੁੱਖ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਧਾਰੀ ਚੁੱਪ ਇਹ ਸਪੱਸ਼ਟ ਕਰਦੀ ਹੈ ਕਿ ਕਾਂਗਰਸ ਅੱਜ ਵੀ ਪੰਥ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ, ਜਿਸ ਕਾਰਨ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਸੰਗਤਾਂ ’ਚ ਰੋਸ ਹੈ। ਊਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗੀ। ਊਨ੍ਹਾਂ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਤੱਕ ਧਰਨਾ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਧਰਨੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਗਸੀਰ ਸਿੰਘ ਮਾਗੇਆਣਾ, ਜਥੇਦਾਰ ਮਗਵਿੰਦਰ ਸਿੰਘ ਖਾਪਰਖੇੜੀ, ਬੀਬੀ ਕੁਲਦੀਪ ਕੌਰ ਟੌਹੜਾ ਹਾਜ਼ਰ ਸਨ।
ਆਈਜੀ ਤੇ ਐੱਸਐੱਸਪੀ ਨੂੰ ਮੈਮੋਰੰਡਮ ਸੌਂਪਿਆ
ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫ਼ਦ ਨੇ ਆਈ.ਜੀ. ਜਤਿੰਦਰ ਸਿੰਘ ਔਲਖ, ਐੱਸਐੱਸਪੀ ਵਿਕਰਮਜੀਤ ਸਿੰਘ ਦੁੱਗਲ ਨੂੰ ਪੁਰਾਤਨ ਸਫਰੀ ਸਰੂਪ ਚੋਰੀ ਮਾਮਲੇ ’ਚ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਮੈਮੋਰੰਡਮ ਵੀ ਸੌਂਪਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਫ਼ਦ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
‘ਆਪ’ ਵੱਲੋਂ ਸੰਘਰਸ਼ ਤੇਜ਼ ਕਰਨ ਲਈ ਅਲਟੀਮੇਟਮ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 8 ਅਗਸਤ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਵਿਚ ਸੰਗਤ ਨਾਲ ਗੱਲਬਾਤ ਕਰਨ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੇ ਗਹਿਰੀ ਸਾਜ਼ਿਸ਼ ਹੋਣ ਦੇ ਸ਼ੰਕੇ ਪ੍ਰਗਟ ਕੀਤੇ। ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗੁਰੂ ਘਰ ਵਿਚ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਕਿਉਂਕਿ ਇੱਥੇ 100 ਸਾਲ ਪੁਰਾਣੇ ਗੁਰੂ ਗ੍ਰੰਥ ਸਾਹਿਬ ਚੋਰੀ ਹੋਏ ਹਨ ਪਰ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਵਿਧਾਇਕਾਂ ਨੇ ਕਿਹਾ ਕਿ ਸੰਗਤ ਨਾਲ ਗੱਲਬਾਤ ਕਰ ਕੇ ਪਤਾ ਲੱਗਾ ਹੈ ਕਿ ਜਿਸ ਕਮਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ ਉਸ ਕਮਰੇ ਨੂੰ ਤਾਲਾ ਹੀ ਨਹੀਂ ਲੱਗਾ ਸੀ ਤੇ ਕੈਮਰੇ ਦਾ ਮੂੰਹ ਵੀ ਦੂਜੇ ਪਾਸੇ ਸੀ। ਉਨ੍ਹਾਂ ਕਿਹਾ ਕਿ ਸੰਗਤ ਕਹਿੰਦੀ ਹੈ ਕਿ ਕਮੇਟੀ ਤੋਂ ਅਜੇ ਤੱਕ ਕੋਈ ਪੁੱਛ-ਪੜਤਾਲ ਵੀ ਨਹੀਂ ਕੀਤੀ ਗਈ। ਸ੍ਰੀ ਸੰਧਵਾਂ ਨੇ ਕਿਹਾ ਕਿ ਜਦੋਂ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗੁੰਮ ਹੋਏ ਤਾਂ ਅਕਾਲੀ ਦਲ ਨੇ ਕੋਈ ਕਾਰਵਾਈ ਨਹੀਂ ਕੀਤੀ, ਇਨ੍ਹਾਂ ਸਰੂਪਾਂ ਦੇ ਗਾਇਬ ਹੋਣ ਪਿੱਛੇ ਸਿੱਖ ਵਿਰੋਧੀ ਤਾਕਤਾਂ ਦਾ ਹੱਥ ਹੈ ਜੋ ਸਿੱਖੀ ਸਿਧਾਂਤਾਂ ਦਾ ਘਾਣ ਕਰਨਾ ਚਾਹੁੰਦੀਆਂ ਹਨ। ਇਸੇ ਤਰ੍ਹਾਂ ਕਲਿਆਣ ਵਿਚ ਸਰੂਪ ਚੋਰੀ ਹੋਣ ਦਾ ਮਾਮਲਾ ਵੀ ਇਸੇ ਤਰ੍ਹਾਂ ਦੀਆਂ ਸ਼ੰਕਾਵਾਂ ਪੈਦਾ ਕਰਦਾ ਹੈ। ਆਪ ਵਿਧਾਇਕਾਂ ਨੇ ਸੁਖਬੀਰ ਬਾਦਲ ਦੇ ਇੱਥੇ ਧਰਨਾ ਲਾਉਣ ’ਤੇ ਹੈਰਾਨਗੀ ਪ੍ਰਗਟਾਉਂਦਿਆਂ ਕਿਹਾ ਕਿ ਸੁਖਬੀਰ ਆਪਣੇ ਰਾਜ ਦਾ ਸਮਾਂ ਭੁੱਲ ਗਏ ਹਨ ਜਦੋਂ ਬੇਅਦਬੀ ਹੋਈ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ ਹੁਣ ਕਾਂਗਰਸ ਸਰਕਾਰ ਕਰ ਰਹੀ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ 17 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਬਚਾਉਣ ਦਾ ਯਤਨ ਕਰ ਰਹੇ ਹਨ ਤੇ ਵੱਡੇ ਆਗੂਆਂ ’ਤੇ ਕੋਈ ਕਾਰਵਾਈ ਨਹੀਂ ਕਰ ਰਹੇ। ਜੇ ਪੰਜਾਬ ਪੁਲੀਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਭਰ ਵਿਚ ਪ੍ਰਦਰਸ਼ਨ ਕਰਨਗੇ। ਇਸ ਵੇਲੇ ਹਰਚੰਦ ਸਿੰਘ ਬਰਸਟ, ਕੁੰਦਨ ਗੋਗੀਆ, ਪ੍ਰੀਤੀ ਮਲਹੋਤਰਾ, ਨੀਨਾ ਮਿੱਤਲ, ਦੇਵ ਮਾਨ ਤੇ ਵੱਡੀ ਗਿਣਤੀ ਵਿਚ ‘ਆਪ’ ਆਗੂ ਮੌਜੂਦ ਸਨ।