ਖੇਤਰੀ ਪ੍ਰਤੀਨਿਧ
ਪਟਿਆਲਾ, 25 ਮਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਤਰ ਵੱਤਰ) ਹੇਠ ਰਕਬਾ ਵਧਾਉਣ ਲਈ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਜ਼ਾਨਾ ਹਰੇਕ ਬਲਾਕ ਵਿੱਚ 500 ਤੋਂ ਵਧੇਰੇ ਕਿਸਾਨਾਂ ਨੂੰ ਡੀਐੱਸਆਰ ਤਕਨੀਕ ਸਬੰਧੀ ਜਾਣਕਾਰੀ ਦੇਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਾਏ ਗਏ ਕੈਂਪਾਂ ਦੀ ਅਤੇ ਸ਼ਾਮਲ ਕਿਸਾਨਾਂ ਵੱਲੋਂ ਦਿਖਾਏ ਉਤਸ਼ਾਹ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਏ ਗਏ 116 ਨੋਡਲ ਅਫ਼ਸਰਾਂ ਦੀ ਜਵਾਬਦੇਹੀ ਵੀ ਤੈਅ ਕਰਕੇ ਰੋਜ਼ਾਨਾ ਦਾ ਟੀਚਾ ਦਿੱਤਾ ਜਾਵੇ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸੁਖਚੈਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਝੋਨੇ ਦੀ ਸਿੱਧੀ ਬਿਜਾਈ ਕਰਵਾਈ
ਪਟਿਆਲਾ (ਖੇਤਰੀ ਪ੍ਰਤੀਨਿਧ): ‘ਪਾਣੀ ਬਚਾਓ’ ਮੁਹਿੰਮ ਤਹਿਤ ਖੇਤੀਬਾੜੀ ਅਫ਼ਸਰ ਬਲਾਕ ਭੁਨਰਹੇੜੀ ਸ਼ੇਰ ਸਿੰਘ ਦੀ ਅਗਵਾਈ ਹੇਠ ਪਿੰਡ ਸਰੁਸਤੀਗੜ੍ਹ ਵਿੱਚ ਅਗਾਂਹਵਧੂ ਕਿਸਾਨ ਅਜਮੇਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਅਜਮੇਰ ਸਿੰਘ ਸਰੂਸਤੀਗੜ੍ਹ ਤਿੰਨ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ।