ਖੇਤਰੀ ਪ੍ਰਤੀਨਿਧ
ਪਟਿਆਲਾ, 20 ਜੁਲਾਈ
ਨਸ਼ੇ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਬੰਧਤ ਵਿਭਾਗ ਇਕ ਰਣਨੀਤੀ ਤਹਿਤ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕੀਤੇ ਜਾ ਰਹੇ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ। ਇਹ ਹਦਾਇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਓਟ ਸੈਂਟਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੇ ਕੰਮ ਦੀ ਸਮੀਖਿਆ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਪੱਧਰ ’ਤੇ ਐਸ.ਡੀ.ਐਮਜ਼, ਡੀ.ਐਸ.ਪੀਜ਼ ਤੇ ਐਸ.ਐਮ.ਓ ਰਲ਼ ਕੇ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ। ਨੌਜਵਾਨਾਂ ਨੂੰ ਸਕਿੱਲ ਟਰੇਨਿੰਗ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੇ ਜਾਂਦੇ ਮੌਕਿਆਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਉਪਰਾਲੇ ਐਸ.ਐਮ.ਓਜ਼ ਨਾਲ ਸਾਂਝੇ ਕੀਤੇ ਜਾਣ। ਉਨ੍ਹਾਂ ਸੀ.ਐਚ.ਸੀ. ਤ੍ਰਿਪੜੀ ਤੇ ਨਾਭਾ ਦੇ ਓਟ ਸੈਂਟਰਾਂ ਵੱਲੋਂ ਕੀਤੇ ਕੰਮ ਦੀ ਸ਼ਲਾਘਾ ਕਰਦਿਆਂ ਹੋਰਨਾਂ ਅਧਿਕਾਰੀਆ ਨੂੰ ਵੀ ਨਸ਼ਿਆਂ ਖਿਲਾਫ਼ ਹੋਰ ਉਸਾਰੂ ਭੂਮਿਕਾ ਨਿਭਾਉਣ ਲਈ ਕਿਹਾ। ਉਨ੍ਹਾਂ ਸਬ-ਡਿਵੀਜ਼ਨ ਨਾਭਾ ਤੋਂ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਕਰਨ ਲਈ ਕਿਹਾ। ਇਸ ਤਹਿਤ ਸਾਂਝੀ ਥਾਂ ’ਤੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਫ਼ਿਲਮਾਂ ਦਿਖਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਬਲਾਕ ਪੱਧਰ ’ਤੇ ਖੇਡ ਟੂਰਨਾਮੈਂਟ ਸ਼ੁਰੂ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਹਦਾਇਤ ਕੀਤੀ।
ਉਨ੍ਹਾਂ ਮਾਡਲ ਨਸ਼ਾ ਮੁਕਤੀ ਕੇਂਦਰ ਰਾਜਿੰਦਰਾ ਹਸਪਤਾਲ ਵਿੱਚ ਮਹਿਲਾਵਾਂ ਲਈ ਬਣਾਏ ਵੱਖਰੇ ਵਾਰਡ ਦੇ ਕੰਮ ਦੀ ਸਮੀਖਿਆ ਵੀ ਕੀਤੀ। ਮੀਟਿੰਗ ’ਚ ਏਡੀਸੀ ਸ਼ਹਿਰੀ ਤੇ ਪੇਂਡੂ ਵਿਕਾਸ ਗੌਤਮ ਜੈਨ ਤੇ ਈਸ਼ਾ ਸਿੰਘਲ ਸਮੇਤ ਐਸ.ਡੀ.ਐਮ ਇਸ਼ਮਿਤ ਵਿਜੈ ਸਿੰਘ ਤੇ ਡੀ.ਡੀ.ਪੀ.ਓ ਸੁਖਚੈਨ ਸਿੰਘ ਪਾਪੜਾ ਆਦਿ ਆਧਿਕਾਰੀ ਮੌਜੂਦ ਸਨ।