ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 10 ਨਵੰਬਰ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਤੇਗ਼ ਬਹਾਦਰ ਬਾਣੀ: ਵਿਚਾਰਧਾਰਾ ਅਤੇ ਕਲਾਤਮਕ ਵਿਸ਼ੇਸ਼ਤਾ’ ਵਿਸ਼ੇ ’ਤੇ ਦੋ ਰੋਜ਼ਾ ਕੌਮਾਂਤਰੀ ਵੈਬਿਨਾਰ ਦਾ ਉਦਘਾਟਨ ਕੀਤਾ ਗਿਆ। ਵੈਬਿਨਾਰ ਦੇ ਆਰੰਭ ਵਿਚ ਵਿਭਾਗ ਦੇ ਮੁਖੀ ਡਾ. ਸੁਰਜੀਤ ਸਿੰਘ ਨੇ ਸ਼ਮੂਲੀਅਤ ਕਰਨ ਵਾਲੇ ਵਿਦਵਾਨਾਂ, ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਸੈਮੀਨਾਰ ਦੇ ਵਿਸ਼ੇ ਦੀ ਸਾਰਥਿਕਤਾ ’ਤੇ ਚਾਨਣਾ ਪਾਇਆ।
ਉਨ੍ਹਾਂ ਆਖਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ਦਾ ਮਹੱਤਵ ਵਰਤਮਾਨ ਦੇ ਨਾਲ-ਨਾਲ ਭਵਿੱਖ ਵਿਚ ਵੀ ਬਣਿਆ ਰਹੇਗਾ। ਡਾ. ਲਖਵੀਰ ਸਿੰਘ ਨੇ ਵੈਬਿਨਾਰ ਦੀ ਵਿਉਂਤਬੰਦੀ ਦਰਸਾਉਣ ਉਪਰੰਤ ਗੁਰੂ ਤੇਗ ਬਹਾਦਰ ਜੀ ਦੀ ਸ਼ਖ਼ਸੀਅਤ ਦੇ ਵਿਭਿੰਨ ਪਾਸਾਰਾਂ ’ਤੇ ਚਰਚਾ ਕੀਤੀ। ਉਦਘਾਟਨੀ ਸ਼ਬਦ ਡਾ. ਬਲਵਿੰਦਰ ਕੌਰ ਬਰਾੜ ਸਾਬਕਾ ਪ੍ਰੋਫ਼ੈਸਰ ਤੇ ਮੁਖੀ ਪੰਜਾਬੀ ਵਿਭਾਗ ਨੇ ਕੈਲਗਰੀ, ਕੈਨੇਡਾ ਤੋਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਚੇਤਨਾ, ਸਾਂਝੀਵਾਲਤਾ ਅਤੇ ਧਾਰਮਿਕ ਆਜ਼ਾਦੀ ਦਾ ਉਸਾਰੂ ਸੁਨੇਹਾ ਦਿੰਦੀ ਹੋਈ ਮਨੁੱਖੀ ਸਮਾਜ ਦੀ ਅਗਵਾਈ ਕਰਦੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਪ੍ਰੋਫੈਸਰ ਡਾ. ਗੁਰਮੀਤ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੀ ਸੰਤੁਲਿਤ ਸ਼ਖ਼ਸੀਅਤ ਸਬੰਧੀ ਵਿਚਾਰ ਸਾਂਝੇ ਕੀਤੇ। ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਜਸਪਾਲ ਕੌਰ ਕਾਂਗ ਨੇ ਗੁਰੂ ਤੇਗ ਬਹਾਦਰ ਜੀ ਦੀ ਸਮਕਾਲੀ ਪ੍ਰਸਥਿਤੀਆਂ, ਜੀਵਨ ਅਤੇ ਬਾਣੀ ਦੇ ਪ੍ਰਸੰਗ ਵਿਚ ਉਨ੍ਹਾਂ ਦੀ ਸ਼ਖ਼ਸੀਅਤ, ਵਿਚਾਰਧਾਰਾ ਤੇ ਕਲਾਤਮਕ ਖੂਬੀਆਂ ’ਤੇ ਚਾਨਣਾ ਪਾਇਆ। ਡਾ. ਸਤਿਨਾਮ ਸਿੰਘ ਸੰਧੂ ਨੇ ਸਭ ਭਾਗੀਦਾਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਲਾਹੌਰ ਤੋਂ ਡਾ. ਇੱਫ਼ਤ ਆਸ਼ਿਕ ਤੋਂ ਇਲਾਵਾ ਡਾ. ਪਰਮਜੀਤ ਸਿੰਘ ਢੀਂਗਰਾ, ਡਾ. ਸਿਕੰਦਰ ਸਿੰਘ ਅਤੇ ਡਾ. ਹਰਦੇਵ ਸਿੰਘ ਪੇਪਰ ਪੜ੍ਹੇ।