ਗੁਰਨਾਮ ਸਿੰਘ ਚੌਹਾਨ
ਪਾਤੜਾਂ, 2 ਜੁਲਾਈ
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿੱਚ ਪੰਜਾਬੀ ਦੀ ਥਾਂ ਅੰਗਰੇਜ਼ੀ ਨੂੰ ਪ੍ਰਫੁੱਲਿਤ ਕਰਨ ਦੀ ਮਦ ਸ਼ਾਮਲ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਇਤਰਾਜ਼ ਕਰਦਿਆਂ ਮੁੱਖ ਮੰਤਰੀ ਤੋਂ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਇਸ ਮਾਮਲੇ ਦੀ ਪੜਤਾਲ ਕਰਵਾਉਣ ਤੇ ਪੰਜਾਬੀ ਵਿਰੋਧੀ ਫੈਸਲੇ ਲੈਣ ਵਾਲੇ ਅਫਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਸਾਬਕਾ ਵਿਧਾਇਕ ਤੇ ਇਸਤਰੀ ਅਕਾਲੀ ਦਲ ਦੀ ਸਲਹਕਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਾਲਾਨਾ ਗੁਪਤ ਰਿਪੋਰਟ ਪ੍ਰੋਫਾਰਮਾ ਅਧਿਆਪਕਾਂ ਵਾਸਤੇ ਬਣਾਇਆ ਗਿਆ ਹੈ। ਉਸ ਦੀ ਲੜੀ-10 ’ਚ ਅੰਕਿਤ ਹੈ ਕਿ ਜਿਹੜਾ ਅਧਿਆਪਕ ਆਪਣੀ ਜਮਾਤ ਦੇ ਕੁੱਲ ਵਿਦਿਆਰਥੀਆਂ ’ਚੋਂ 10 ਫੀਸਦੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਪੜ੍ਹਾਏਗਾ ਉਸ ਨੂੰ 5 ਨੰਬਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਮਤਲਬ ਇਹ ਹੈ ਕਿ ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਤੋਂ ਹਟਾਉਣ ਵਾਸਤੇ ਸਰਕਾਰ ਐਨੀ ਪੱਬਾਂ ਭਾਰ ਹੋਈ ਬੈਠੀ ਹੈ ਕਿ ਜੋ ਅਧਿਆਪਕ ਅਜਿਹਾ ਕਰੇਗਾ ਉਸ ਨੂੰ ਇਨਾਮ ਮਿਲੇਗਾ ਤੇ ਜਿਹੜਾ ਅਧਿਆਪਕ ਬੱਚੇ ਨੂੰ ਪੰਜਾਬੀ ਮਾਧਿਅਮ ਵਿੱਚ ਰੱਖੇਗਾ ਉਸ ਨੂੰ ਨੁਕਸਾਨ ਝੱਲਣਾ ਪਵੇਗਾ।
ਉਨ੍ਹਾਂ ਕਿਹਾ ਕਿ ਹੁਣ ਅਗਲੇ ਪੜਾਅ ਵਿਚ ਪਹਿਲੀ ਜਮਾਤ ਤੋਂ ਗਣਿਤ ਦੇ ਵਿਸ਼ੇ ਨੂੰ ਪੰਜਾਬੀ ਮਾਧਿਅਮ ਦੀ ਥਾਂ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਣ ਦਾ ਫੈਸਲਾ ਕਰ ਲਿਆ ਗਿਆ ਹੈ। ਇਸ ਤਹਿਤ ਪਹਿਲੀ ਜਮਾਤ ਦੀਆਂ ਗਣਿਤ ਵਿਸ਼ੇ ਦੀਆਂ ਕਿਤਾਬਾਂ ਹੁਣ ਅੰਗਰੇਜ਼ੀ ਮਾਧਿਅਮ ਵਿੱਚ ਛਾਪਣ ਦਾ ਫੈਸਲਾ ਵੀ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਉਚ ਅਫਸਰ ਅਤੇ ਪੰਜਾਬ ਸਕੂੁਲ ਸਿੱਖਿਆ ਬੋਰਡ ਦੇ ਉਚ ਅਧਿਕਾਰੀ ਪ੍ਰਸ਼ਾਸਨਿਕ ਪੱਧਰ ’ਤੇ ਅਜਿਹੇ ਮੰਦਭਾਗੇ ਫੈਸਲੇ ਲੈ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਪੰਜਾਬੀ ਮਾਂ ਬੋਲੀ ਖ਼ਿਲਾਫ਼ ਫੈਸਲਿਆਂ ਨੂੰ ਤੁਰੰਤ ਵਾਪਸ ਲੈਣ ਤੇ ਇਸ ਲਈ ਜ਼ਿੰਮੇਵਾਰ ਅਫ਼ਸਰਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।