ਜੱਸੀ ਸੋਹੀਆਂ ਵਾਲਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਨਾਭਾ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਕੈਬਨਿਟ ਮੰਤਰੀ ਨੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੱਤੀ। ਇਸ ਮਗਰੋਂ ਗੱਲਬਾਤ ਕਰਦਿਆਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਜ਼ਾਦੀ ਦਿਹਾੜੀ ਮੌਕੇ ਅੰਮ੍ਰਿਤਧਾਰੀ ਸਰਪੰਚ ਨੂੰ ਲਾਲ ਕਿਲੇ ’ਚ ਜਾਣ ਤੋਂ ਰੋਕਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਨੂੰ ਦਬਾਉਣ ਦੇ ਯਤਨ ਕਰਨਾ ਬਹੁਤ ਮਾੜੀ ਗੱਲ ਹੈ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ’ਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਪ੍ਰਤੀ ਕੋਈ ਹਮਦਰਦੀ ਹੈ ਤਾਂ ਉਹ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਗਏ ਦਿਹਾਤੀ ਵਿਕਾਸ ਫੰਡ, ਐੱਨ.ਐੱਚ.ਆਰ.ਐੱਮ.ਐੱਲ. ਤੇ ਪ੍ਰਧਾਨ ਮੰਤਰੀ ਯੋਜਨਾ ਦੇ ਰੋਕੇ ਗਏ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡਾਂ ਨੂੰ ਲਿਆਉਣ ਲਈ ਜ਼ੋਰ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕਕੇ ਕੇਂਦਰ ਸਰਕਾਰ ਸੂਬੇ ਦੇ ਲੋਕਾਂ ਨਾਲ ਧਰੋਹ ਕਮਾ ਰਹੀ ਹੈ। ਇੱਕ ਹੋਰ ਸਵਾਲ ਦੇ ਜਵਾਬ ’ਚ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਝੋਨੇ ਦੇ ਆਗਾਮੀ ਸੀਜ਼ਨ ’ਚ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਹੁਣੇ ਤੋਂ ਪੁਖ਼ਤਾ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਅਕਤੂਬਰ ਦੇ ਪਹਿਲੇ ਹਫ਼ਤੇ ਕਰਵਾਈਆਂ ਜਾਣਗੀਆਂ ਜਿਸ ਲਈ ਤਿਆਰੀਆਂ ਮੁਕੰਮਲ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੰਦਿਆਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਜੱਸੀ ਸੋਹੀਆਂ ਵਾਲਾ ਜਮੀਨ ਨਾਲ ਜੁੜੇ ਹੋਏ ਇੱਕ ਸੀਨੀਅਰ ਆਗੂ ਹਨ। ਇਸ ਮੌਕੇ ‘ਆਪ’ ਦੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ ਵੀ ਹਾਜ਼ਰ ਸਨ।