ਖੇਤਰੀ ਪ੍ਰਤੀਨਿਧ
ਪਟਿਆਲਾ, 31 ਦਸੰਬਰ
ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੌਨੀਟ੍ਰਿੰਗ ਕਮੇਟੀ ਪੇਡ ਨਿਊਜ਼ ’ਤੇ ਨਿਗ੍ਹਾ ਰੱਖੇਗੀ। ਅਜਿਹਾ ਮਾਮਲਾ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਹੈੱਡਕੁਆਰਟਰ ਵਿੱਚ ਐੱਮ.ਸੀ.ਐੱਮ.ਸੀ. ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਲੱਗਣ ਦੇ ਤੁਰੰਤ ਬਾਅਦ ਕਮੇਟੀ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਉਹ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐੱਮ.ਸੀ.ਐੱਮ.ਸੀ ਦੇ ਮੈਂਬਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਗੌਤਮ ਜੈਨ ਅਤੇ ਏਡੀਸੀ (ਜ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐੱਮ.ਸੀ.ਐੱਮ.ਸੀ ਦੀ ਟਰੇਨਿੰਗ ਵੀ ਕਰਵਾਈ ਜਾ ਰਹੀ ਹੈ। ਕਮੇਟੀ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟ ਮੀਡੀਆ, ਇਲੈਕਟ੍ਰੋਨਿਕ ਮੀਡੀਆ ਤੇ ਸੋਸ਼ਲ ਮੀਡੀਆ ’ਤੇ 24 ਘੰਟੇ ਨਜ਼ਰ ਰੱਖੀ ਜਾਵੇਗੀ। ਸੰਦੀਪ ਹੰਸ ਨੇ ਹੋਰ ਕਿਹਾ ਕਿ ਉਮੀਦਵਾਰਾਂ ਵੱਲੋਂ ਇਲੈਕਟ੍ਰੋਨਿਕ ਮੀਡੀਆ ’ਤੇ ਵਿਗਿਆਪਨ ਟੈਲੀਕਾਸਟ ਕਰਵਾਉਣ ਲਈ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ ਹੈ। ਵਿਗਿਆਪਨ ਟੈਲੀਕਾਸਟ ਹੋਣ ਤੋਂ 72 ਘੰਟੇ ਪਹਿਲਾਂ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਮਨਜ਼ੂਰੀ ਲਈ ਅਪਲਾਈ ਕਰਨਾ ਜ਼ਰੂਰੀ ਹੈ। ਕੋਈ ਵੀ ਉਮੀਦਵਾਰ ਰਾਜਨੀਤਿਕ ਪਾਰਟੀ ਜਾਂ ਕੋਈ ਵੀ ਹੋਰ ਵਿਅਕਤੀ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਖ਼ਿਲਾਫ਼ ਵਿਗਿਆਪਨ ਨਹੀਂ ਦੇ ਸਕਦਾ।