ਰਾਵੇਲ ਸਿੰਘ ਭਿੰਡਰ
ਪਟਿਆਲਾ, 15 ਅਪਰੈਲ
ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ’ਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰਖਾਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਮਾਜਿਕ ਤਾਣੇ ਵਿਚੋਂ ਬਾਹਰ ਨਿਕਲ ਕੇ ਮਨੁੱਖ ਨੂੰ ਦਸਮ ਪਿਤਾ ਵੱਲੋਂ ਵਿਖਾਏ ਮਾਰਗ ’ਤੇ ਚੱਲ ਕੇ ਬਾਣੀ ਤੇ ਬਾਣੇ ਦਾ ਧਾਰਨੀ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਨਾਲ ਸਿੱਖ ਕੌਮ ਨੂੰ ਵਿਲੱਖਣ, ਅੱਡਰੀ ਅਤੇ ਨਿਵਕੇਲੀ ਪਛਾਣ ਮਿਲੀ ਹੈ। ਉਨ੍ਹਾਂ ਕਿਹਾ ਕਿ ਦਸਮ ਪਿਤਾ ਦੀ ਗੁਰਬਾਣੀ ਅਤੇ ਸਿਧਾਂਤਕ ਫਲਸਫੇ ਨੂੰ ਅਮਲੀਜਾਮਾ ਪਹਿਨਾਉਣਾ ਅੱਜ ਸਮੁੱਚੀ ਲੋਕਾਈ ਨੂੰ ਸ਼ਬਦ ਗੁਰੂ ਨਾਲ ਜੁੜ ਕੇ ਸ੍ਰੀ ਗੁਰੂ ਨਾਨਕ ਦੇਵ ਵੱਲੋਂ ਚਲਾਏ ਨਿਰਮਲੇ ਪੰਥ ਨੂੰ ਹੋਰ ਵੀ ਅਗਾਂਹ ਲਿਜਾਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸਮੁੱਚੀ ਸੰਗਤਾਂ ਅਤੇ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਸ਼ਬਦ ਗੁਰੂ ਦੇ ਪ੍ਰਚਾਰ ਪਸਾਰ ਕਰਨ ਲਈ ਪ੍ਰੇਰਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਅੰਮ੍ਰਿਤ ਸੰਚਾਰ ਵੀ ਕਰਵਾਇਆ ਅਤੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲਿਆਂ ਨੂੰ ਰਹਿਤ ’ਚ ਰਹਿਣ ਦੀ ਜੀਵਨ ਅਤੇ ਗੁਰਬਾਣੀ ਦੇ ਫਲਸਫੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਗੁਰਦੁਆਰਾ ਸੰਤ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਧਾਰਮਿਕ ਸਮਾਗਮ ਦੌਰਾਨ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਬੀਬੀ ਮਨਦੀਪ ਕੌਰ ਨੂੰ ਗੁਰਦੁਆਰਾ ਸਾਹਿਬ ਨਾਲ ਸਬੰਧਤ ਸੁਖਮਨੀ ਸੇਵਾ ਸੁਸਾਇਟੀ ਦੇ ਕਾਰਜਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।