ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਬਹਿਰ ਸਾਹਿਬ ਵਿੱਚ ਕੀਰਤਨ ਸਮਾਗਮ ਕਰਵਾਏ ਗਏ। ਇਸ ਮੌਕੇ ਭਾਈ ਅਨੂਪ ਸਿੰਘ, ਲਖਵਿੰਦਰ ਸਿੰਘ ਤੇ ਗਗਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਤੇ ਹੈੱਡ ਗ੍ਰੰਥੀ ਮਹਿੰਦਰ ਸਿੰਘ ਨੇ ਅਰਦਾਸ ਕੀਤੀ ।
ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਕਿਸੇ ਇਕ ਧਰਮ ਜਾਂ ਫ਼ਿਰਕੇ ਲਈ ਨਹੀਂ ਸੀ, ਸਗੋਂ ਸਾਰੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਲਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਸਣੇ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹਾਦਤ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਚਰਨ ਛੋਹ ਅਸਥਾਨ ਉੱਤੇ ਬਣੇ ਗੁਰਦੁਆਰਾ ਸਾਹਿਬ ਦੀ ਸੁੰਦਰਤਾ ਤੇ ਵਿਕਾਸ ਲਈ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ। 21 ਨਵੰਬਰ ਨੂੰ ਧਾਰਮਿਕ ਯਾਤਰਾ ਦੇ ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਪਟਿਆਲਾ ਪਹੁੰਚ ਰਹੇ ਹਨ, ਜਿਸ ਲਈ ਸਮੂਹ ਸੰਗਤਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ ਅਰਨੋ ਤੇ ਕਮੇਟੀ ਮੈਂਬਰਾਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਐੱਸ ਡੀ ਐੱਮ ਪਾਤੜਾਂ ਅਸ਼ੋਕ ਕੁਮਾਰ ਅਤੇ ਹੋਰ ਸ਼ਖ਼ਸੀਅਤਾਂ ਤੇ ਸੇਵਾ ਨਿਭਾਉਣ ਵਾਲਿਆਂ ਨੂੰ ਸਿਰੋਪਾਓ ਨਾਲ ਸਨਮਾਨ ਕੀਤਾ।

