ਗੁਰਨਾਮ ਸਿੰਘ ਚੌਹਾਨ
ਪਾਤੜਾਂ, 26 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦ ਸਰਕਾਰ ਵੱਲੋਂ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਲਾਗੂ ਕੀਤੇ ਜਾ ਰਹੇ ਖੁੱਲ੍ਹੀ ਮੰਡੀ, ਜਮ੍ਹਾਂਖੋਰੀ ਅਤੇ ਠੇਕਾ ਨੀਤੀ ਸਬੰਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨਾਂ ਵਿੱਚ ਗੁੱਸੇ ਦੀ ਲਹਿਰ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਇਨ੍ਹਾਂ ਫੁਰਮਾਨਾਂ ਦੇ ਵਿਰੋਧ ਵਿੱਚ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਗਏ ਸੱਦੇ ਤਹਿਤ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਨੇ ਲਾਗੂ ਕੀਤੇ ਜਾ ਰਹੇ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਵਾਅਦਾ ਕਰਨ ਦੇ ਨਾਲ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਉਜਾੜਨ ਦੇ ਰਾਹ ਤੁਰੀ ਹੋਈ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈ ਲਿਆ ਜਾਂਦਾ ਉਦੋਂ ਤੱਕ ਕਿਸਾਨ ਆਪਣਾ ਸੰਘਰਸ਼ ਜਾਰੀ ਰੱਖਣਗੇ।