ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਅਧਿਕਾਰੀਆਂ ਵੱਲੋਂ ਭੁਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬ੍ਰਹਮਪੁਰਾ, ਚਪਰਾੜ੍ਹ, ਅਦਾਲਤੀਵਾਲਾ ਆਦਿ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖ਼ੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ ਵੀ ਦਿੱਤੀ। ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਕਿਸਾਨਾਂ ਅਤੇ ਡੇਅਰੀ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਇਸ ਮੁਸ਼ਕਲ ਵੇਲੇ ਦੌਰਾਨ ਫ਼ਸਲਾਂ ਅਤੇ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣਾ ਸੀ। ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ। ਟੀਮ ਵਿੱਚ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਭਿਖੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ ਅਤੇ ਸਹਾਇਕ ਪ੍ਰੋਫੈਸਰ ਡਾ. ਗੁਰਪ੍ਰੀਤ ਸਿੰਘ ਅਤੇ ਫਾਰਮ ਸਲਾਹਕਾਰ ਕੇਂਦਰ ਤੋਂ ਡਾ. ਗੁਰਪ੍ਰੀਤ ਕੌਰ ਆਦਿ ਮੌਜੂਦ ਸਨ।