labor protest: ਨੌਜਵਾਨ ਭਾਰਤ ਸਭਾ ਦਾ ਐੱਸ ਡੀ ਐੱਮ ਦਫ਼ਤਰ ਅੱਗੇ ਧਰਨਾ
ਭਲਕੇ ਸਰਕਾਰੀ ਸਮਾਗਮ ਵੱਲ ਕਾਲੀਆਂ ਝੰਡੀਆਂ ਲੈ ਕੇ ਮਾਰਚ ਕਰਨ ਦਾ ਐਲਾਨ
ਘੱਗਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਅਤੇ ਆਪਣੇ ਘਰਾਂ ਤੇ ਬੁਨਿਆਦੀ ਹੱਕਾਂ ਲਈ ਸੰਘਰਸ਼ ਕਰਦੇ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿੱਚ ਐੱਸ ਡੀ ਐੱਮ ਦਫ਼ਤਰ ਪਾਤੜਾਂ ਸਾਹਮਣੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਨੌਜਵਾਨ ਭਾਰਤ ਸਭਾ ਦੇ ਆਗੂ ਗੁਰਦੀਪ ਆਜ਼ਾਦ, ਰਾਹੁਲ ਘੱਗਾ ਨੇ ਕਿਹਾ ਕਿ ਮਜ਼ਦੂਰ ਪਰਿਵਾਰਾਂ ਵੱਲੋਂ ਲੰਮੇ ਸਮੇਂ ਤੋਂ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਹ ਕਈ ਦਹਾਕਿਆਂ ਤੋਂ ਝੁੱਗੀਆਂ ਵਿੱਚ ਰਹਿ ਕੇ ਆਪਣਾ ਜੀਵਨ ਬਤੀਤ ਕਰ ਰਹੇ ਹਨ ਅਤੇ ਹੁਣ ਉਹ ਆਪਣੇ ਪਰਿਵਾਰਾਂ ਲਈ ਪੱਕੇ ਘਰ ਅਤੇ ਸਨਮਾਨਜਨਕ ਜੀਵਨ ਦੀ ਮੰਗ ਕਰ ਰਹੇ ਹਨ। ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਨੇ ਕਿਹਾ ਕਿ ਜਦੋਂ ਤੱਕ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਲਈ ਯੋਗ ਮੁਆਵਜ਼ਾ ਦੇਣ ਦਾ ਫ਼ੈਸਲਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਸੁਤੰਤਰਤਾ ਦਿਵਸ ਵਾਲੇ ਦਿਨ 15 ਅਗਸਤ ਨੂੰ ਸਰਕਾਰੀ ਸਮਾਗਮ ਵੱਲ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਬੀਰੂ, ਸੈਂਟੀ, ਸ਼ਨੀ ਬਾਬਾ, ਬਿੱਟੂ ਦੀਪਕ ਹਾਜ਼ਰ ਸਨ।

