ਪਟਿਆਲਾ: ਪੰਜਾਬ ਸਰਕਾਰ ਵੱਲੋਂ ਸੱਤਵੇਂ ਪੇਅ ਕਮਿਸ਼ਨ ਸਬੰਧੀ ਚਿਰੋਕਣੀ ਮੰਗ ਸਵੀਕਾਰ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੇ ਹੱਕ ’ਚ ਵੀ ਨਾਅਰੇਬਾਜ਼ੀ ਕੀਤੀ। ਇਸ ਮੰਗ ਨੂੰ ਲੈ ਕੇ ਕਈ ਮਹੀਨਿਆਂ ਤੋਂ ‘ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ’ (ਪੂਟਾ) ਵੱਲੋਂ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਧਰਨਾ ਦੇ ਰਹੇ ਅਧਿਆਪਕਾਂ ਨੇ ਇਸ ਫ਼ੈਸਲੇ ਦਾ ਸਵਾਗਤ ਨਿਵੇਕਲੇ ਢੰਗ ਨਾਲ ਕੀਤਾ। ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਵੀ ਵੀਸੀ ਦਫ਼ਤਰ ਅੱਗੇ ਦਿੱਤੇ ਗਏ ਧਰਨੇ ਦੌਰਾਨ ਅਧਿਆਪਕਾਂ ਨੇ ਪੇਅ ਕਮਿਸ਼ਨ ਸਬੰਧੀ ਮੰਗ ਪੁਰੀ ਹੋਣ ਦੀ ਖੁਸ਼ੀ ’ਚ ਲੱਡੂ ਵੰਡੇ। ਪ੍ਰਧਾਨ ਭੁਪਿੰਦਰ ਵਿਰਕ ਅਤੇ ਸਕੱਤਰ ਸੁਖਜਿੰਦਰ ਬੁੱਟਰ ਅਤੇ ਹੋਰਾਂ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੀ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਖ਼ਾਲਸਾ ਕਾਲਜ ਪਟਿਆਲਾ ਦੀ ਟੀਚਿੰਗ ਯੂਨੀਅਨ ਦੇ ਪ੍ਰਧਾਨ ਪ੍ਰੋ. ਰਾਜਦੀਪ ਧਾਲੀਵਾਲ ਤੇ ਸਕੱਤਰ ਡਾ. ਪੂਨਮਦੀਪ ਸਿੰਘ ਦੀ ਅਗਵਾਈ ਹੇਠ ਵੀ ਆਗੂਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ। -ਖੇਤਰੀ ਪ੍ਰਤੀਨਿਧ