ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵਲੋਂ ਲਖੀਮਪੁਰ ਖੀਰੀ ਕਾਂਡ ਦੀ ਬਰਸੀ ’ਤੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਵਲੋਂ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕੀਤੇ ਕਤਲਾਂ ਲਈ ਉਕਸਾਏ ਜਾਣ ਵਾਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੈਬਨਿਟ ਵਿਚੋਂ ਬਾਹਰ ਕੱਢ ਕੇ ਗ੍ਰਿਫਤਾਰ ਕਰਨ ਅਤੇ ਬਣਦੀ ਸਜ਼ਾ ਦੇਣ ਅਤੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।
ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਦੇ ਮਸਲਿਆਂ ਨੂੰ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਅਨੁਸਾਰ ਹੱਲ ਕੀਤੇ ਜਾਣ, ਗੰਨੇ ਦੇ ਰਹਿੰਦੇ ਬਕਾਏ ਤੇ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤੇ ਜਾਣ, ਪਰਾਲੀ ਦੇ ਸੰਭਾਲਣ ਲਈ ਪ੍ਰਤੀ ਕੁਇੰਟਲ 200 ਰੁਪਏ ਜਾਂ 6000 ਰੁਪਏ ਪ੍ਰਤੀ ਏਕੜ ਦਾ ਬੋਨਸ ਦੇਣ ਦੀ ਮੰਗ ਕੀਤੀ ਗਈ। ਲੰਪੀ ਸਕਿਨ ਬਿਮਾਰੀ ਨਾਲ ਮਰੀਆਂ ਗਾਵਾਂ ਅਤੇ ਮੀਂਹ ਤੇ ਗੜਿਆਂ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਦੀ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਸਿੰਘ ਮਟੋਰਡਾ, ਦਵਿੰਦਰ ਸਿੰਘ ਪੂਨੀਆ, ਗੁਰਮੇਲ ਸਿੰਘ ਢਕੜੱਬਾ, ਜਗਮੇਲ ਸਿੰਘ ਸੁੱਧੇਵਾਲ, ਜਸਵੀਰ ਸਿੰਘ ਫਤਿਹਪੁਰ, ਸੁਰਿੰਦਰ ਸਿੰਘ ਖਾਲਸਾ, ਕੁਲਵੀਰ ਸਿੰਘ ਟੋਡਰਪੁਰ, ਗੁਰਮੀਤ ਸਿੰਘ ਦਿੱਤੂਪੁਰ, ਹਰਬੰਸ ਦਦਹੇੜਾ, ਧਰਮਪਾਲ ਸੀਲ, ਗੁਰਮੀਤ ਛੱਜੂਭੱਟ, ਬ੍ਰਿਜ ਲਾਲ, ਬਲਵਿੰਦਰ ਸੇਖੋਂ, ਗੁਰਜੰਟ ਸਿੰਘ, ਜਸਵੀਰ ਰਾਜੂਖੇੜੀ, ਗੁਰਮੇਲ ਸਿੰਘ ਭੇਡਪੁਰਾ, ਰਣਜੀਤ ਆਕੜ, ਰਵਿੰਦਰ ਆਕੜੀ, ਗੁਰਮੇਲ ਸਿੰਘ ਗੋਸਲਕਲਾਂ ਨੇ ਸੰਬੋਧਨ ਕੀਤਾ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਘਟਨਾ ਨੂੰ ਇੱਕ ਸਾਲ ਪੂਰਾ ਹੋਣ ’ਤੇ ਜਿਥੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਇਥੇ ਡੀ.ਸੀ. ਦਫ਼ਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੰਦਿਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਦਰਸ਼ਨਕਾਰੀ ਲਖੀਮਪੁਰ ਕਤਲੇਆਮ ਘਟਨਾ ਦੇ ਦੋਸ਼ ਹੇਠ ਕੇਂਦਰੀ ਮੰਤਰੀ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ ਜਦੋਂ ਕਿ ਪਿਛਲੇ ਗੇਟ ਅੱਗੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਰੋਸ ਧਰਨਾ ਦਿੱਤਾ ਗਿਆ। ਦੋਵੇਂ ਧਰਨਿਆਂ ਵਿਚ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਘਟਨਾ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ। ਮੁੱਖ ਗੇਟ ਅੱਗੇ ਧਰਨੇ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ’ਚ ਹਰਦੇਵ ਸਿੰਘ ਬਖਸ਼ੀਵਾਲਾ, ਨਰੰਜਣ ਸਿੰਘ ਸਫ਼ੀਪੁਰ ਕਲਾਂ, ਐਡਵੋਕੇਟ ਕਿਰਨਜੀਤ ਸਿੰਘ ਸੇਖੋਂ, ਜਰਨੈਲ ਸਿੰਘ ਜਹਾਂਗੀਰ, ਭੀਮ ਸਿੰਘ ਆਲਮਪੁਰ, ਜਰਨੈਲ ਸਿੰਘ ਜਨਾਲ, ਕੁਲਦੀਪ ਸਿੰਘ ਜੋਸ਼ੀ, ਇੰਦਰਪਾਲ ਪੁੰਨਾਂਵਾਲ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨੇ ਨੂੰ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ, ਜ਼ਿਲ੍ਹਾ ਆਗੂ ਦਰਬਾਰਾ ਸਿੰਘ ਛਾਜਲਾ, ਬੂਟਾ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਮੰਗਵਾਲ, ਗੁਰਦੀਪ ਸਿੰਘ ਕੰਮੋਮਾਜਰਾ, ਲਾਭ ਸਿੰਘ ਖੁਰਾਣਾ, ਭੂਰਾ ਸਿੰਘ ਸ਼ੇਰੋਂ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਲਖੀਮਪੁਰ ਖੀਰੀ ਦੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਕਿਸਾਨਾਂ ਦੀ ਅੰਤਿਮ ਅਰਦਾਸ ਮੌਕੇ ਸਰਕਾਰ ਨੇ ਮੰਗਾਂ ਸਬੰਧੀ ਸਮਝੌਤਾ ਕੀਤਾ ਸੀ ਪਰੰਤੂ ਅਜੇ ਤੱਕ ਨਾ ਕੇਂਦਰ ਸਰਕਾਰ ਅਤੇ ਨਾ ਹੀ ਰਾਜ ਸਰਕਾਰ ਨੇ ਮੰਗਾਂ ਪੂਰੀਆਂ ਕੀਤੀਆਂ ਹਨ। ਅੱਜ ਤੱਕ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ।