ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਮਾਰਚ
ਰਵਾਇਤੀ ਸਿਆਸੀ ਧਿਰਾਂ ਨੂੰ ਲਾਂਭੇ ਕਰ ਕੇ ਹਾਲ ਹੀ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਭ੍ਰਿਸ਼ਟਾਚਾਰ ਸਣੇ ਹੋਰ ਸਮਾਜ ਵਿਰੋਧੀ ਅਲਾਮਤਾਂ ਖ਼ਿਲਾਫ਼ ਮੁਹਿੰਮ ਵਿੱਢਣ ਦੇ ਕੀਤੇ ਗਏ ਵਾਅਦੇ ਤਹਿਤ ਅਪਰਾਧ ਰੋਕਣ ਲਈ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ।
ਇਨ੍ਹਾਂ ਸਰਗਰਮੀਆਂ ਤਹਿਤ ਹੀ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ 400 ਦੇ ਕਰੀਬ ਪੁਲੀਸ ਮੁਲਾਜ਼ਮਾਂ ਨੇ ਨਸ਼ੀਲੇ ਪਦਾਰਥਾਂ ਦੀ ਭਾਲ ’ਚ ਵੱਖ-ਵੱਖ ਪਿੰਡਾਂ ਅਤੇ ਹੋਰ ਥਾਵਾਂ ’ਤੇ ਛਾਪੇ ਮਾਰੇ। ਪੁਲੀਸ ਦੀ ਇਸ ਕਾਰਵਾਈ ਦੌਰਾਨ 12 ਕਿੱਲੋ ਭੁੱਕੀ, ਡੇਢ ਸੌ ਗਰਾਮ ਅਫੀਮ, 300 ਗਰਾਮ ਗਾਂਜਾ, 11 ਗਰਾਮ ਸਮੈਕ, ਸੱਠ ਲਿਟਰ ਲਾਹਣ ਅਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ।
ਐੱਸਐੱਸਪੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਗੁਪਤ ਮਿਸ਼ਨ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਕਈ ਸ਼ੱਕੀ ਘਰਾਂ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਕੁਝ ਖੇਤਰਾਂ ’ਚ ਤਾਂ ਘਰਾਂ ਦੇ ਆਸਪਾਸ ਲੁਕੋ ਕੇ ਰੱਖੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ। ਪੁਲੀਸ ਮੁਖੀ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਨੂੰ ਅਜਿਹੇ ਗੋਰਖ ਧੰਦੇ ਬੰਦ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਕਾਰਵਾਈ ਦੌਰਾਨ ਬਰਾਮਦ ਕੀਤੇ ਗਏ ਉਕਤ ਨਸ਼ੀਲੇ ਪਦਾਰਥਾਂ ਸਬੰਧੀ 12 ਜਣਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ਼ ਵੱਖ-ਵੱਖ ਥਾਈਂ ਨੌਂ ਕੇਸ ਵੀ ਦਰਜ ਕੀਤੇ ਗਏ ਹਨ।
ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
ਦੇਵੀਗੜ੍ਹ (ਪੱਤਰ ਪ੍ਰੇਰਕ): ਥਾਣਾ ਜੁਲਕਾਂ ਦੀ ਪੁਲੀਸ ਨੇ 60 ਲਿਟਰ ਲਾਹਣ ਤੇ ਨੌਂ ਬੋਤਲਾਂ ਨਾਜਾਇਜ਼ ਸ਼ਰਾਬ ਫੜੀ ਹੈ। ਥਾਣਾ ਮੁਖੀ ਇੰਸਪੈਕਟਰ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਸੁਰਜੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਪਿੰਡ ਮਸੀਂਗਣ ਵਿੱਚ ਛਾਪਾ ਮਾਰ ਕੇ ਅੰਗਰੇਜ਼ ਸਿੰਘ ਦੇ ਕਬਜ਼ੇ ਵਿੱਚੋਂ 60 ਲਿਟਰ ਲਾਹਣ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਪੁਲੀਸ ਨੇ ਪਿੰਡ ਹਾਜੀਪੁਰ ਵਿੱਚ ਛਾਪਾ ਮਾਰ ਕੇ ਗੁਰਮੀਤ ਕੌਰ ਪਾਸੋਂ ਦੇਸੀ ਸ਼ਰਾਬ ਦੀਆਂ ਨੌਂ ਬੋਤਲਾਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਥਾਣਾ ਮੁਖੀ ਨੇ ਚਿਤਾਵਨੀ ਦਿੱਤੀ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।