ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 24 ਜੁਲਾਈ
ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵੱਲੋਂ ਨਸ਼ਿਆਂ ਵਿਰੁੱਧ ਜੰਗ ਵਿੱਚ ਅਤੇ ਆਲਮੀ ਤਪਸ਼ ਘੱਟ ਕਰਨ ਦੇ ਉਦੇਸ਼ ਤਹਿਤ ‘ਹਰ ਇੱਕ ਬੱਡੀ ਲਾਵੇ ਇਕ ਰੁੱਖ’ ਪ੍ਰੋਗਰਾਮ ਦਾ ਆਗਾਜ਼ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ-ਕਮ-ਜ਼ਿਲ੍ਹਾ ਡਰੱਗ ਨਿਗਰਾਨ ਕਮੇਟੀ ਦੇ ਮੈਂਬਰ ਸਕੱਤਰ ਵਰਿੰਦਰ ਸਿੰਘ ਟਿਵਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡੀ.ਐੱਸ.ਐੱਸ.ਓ ਵਰਿੰਦਰ ਸਿੰਘ ਟਿਵਾਣਾ ਨੇ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸਰਹਾਨਾਂ ਕੀਤੀ। ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਆਪਣੇ ਆਪਣੇ ਮੁਹੱਲੇ ਜਾਂ ਪਿੰਡ ਵਿਚ ਨਸ਼ਿਆਂ ਵਿਰੁੱਧ ਸੁਨੇਹਾ ਦਿੰਦੇ ਹੋਏ ਇੱਕ ਇੱਕ ਪੌਦਾ ਲਾਉਣਗੇ ,ਉਸ ਨੂੰ ਪਾਲਣਗੇ ਅਤੇ ਨਸ਼ਿਆਂ ਵਿਰੁੱਧ ਪੋਸਟਰ ਬਣਾਕੇ ਸੁਨੇਹਾ ਦੇਣਗੇ। ਉਨ੍ਹਾਂ ਦੱਸਿਆ ਕਿ 24 ਅਤੇ 25 ਜੁਲਾਈ ਨੂੰ ਇਕ ਹਜ਼ਾਰ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਜਾਣਗੇ।