Leprosy Patients: ਕੁਸ਼ਟ ਰੋਗੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਸਪੈਸ਼ਲ ਮੋਨੀਟਰ (ਲੈਪਰੋਸੀ) ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਪਟਿਆਲਾ ਜ਼ਿਲ੍ਹੇ ਦਾ ਦੌਰਾ ਕਰ ਕੇ ਕੁਸ਼ਟ ਰੋਗੀਆਂ, ਇਸ ਰੋਗ ਕਰ ਕੇ ਅਪੰਗ ਹੋਏ ਵਿਅਕਤੀਆਂ ਅਤੇ ਮਾਨਸਿਕ ਤੌਰ ਤੋਂ ਪ੍ਰਭਾਵਿਤ ਰੋਗੀਆਂ ਦੀ ਭਲਾਈ ਤੇ ਇਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ|
ਇਸ ਦੌਰੇ ਦੌਰਾਨ ਡਾ. ਨਾਇਕ ਨੇ ਕੁਸ਼ਟ ਰੋਗੀਆਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਕੁਸ਼ਟ ਕਲੋਨੀ ਵਿੱਚ ਰਹਿ ਰਹੇ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਰਕਾਰੀ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ| ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਵਿਅਕਤੀਆਂ ਨੂੰ ਸਰਕਾਰੀ ਸੇਵਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਦੇਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਹੋਵੇ| ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਸਮਾਜਿਕ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਯਤਨ ਕੀਤੇ ਜਾਣ | ਇਸ ਉਪਰੰਤ ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਜ਼ਿਲ੍ਹਾ ਤੇ ਸਿਹਤ ਅਧਿਕਾਰੀਆਂ ਨਾਲ ਸਰਕਟ ਹਾਊਸ ਵਿਖੇ ਸਮੀਖਿਆ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਪਟਿਆਲਾ ਜ਼ਿਲ੍ਹੇ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਇੱਥੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕੱਲੇ-ਇਕੱਲੇ ਕੁਸ਼ਟ ਰੋਗੀ ਨੂੰ ਦਿੱਤੀ ਜਾ ਰਹੀ ਪੈਨਸ਼ਨ ਤੇ ਹੋਰ ਸਕੀਮਾਂ ਦਾ ਪੂਰਾ ਵੇਰਵਾ ਇਕੱਠਾ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਰਾਜੀਵ, ਐੱਸ ਡੀ ਐੱਮ ਗੁਰਦੇਵ ਸਿੰਘ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਡਿਪਟੀ ਡੀ ਈ ਓ ਡਾ. ਰਵਿੰਦਰਪਾਲ ਸਿੰਘ ਤੇ ਮਨਵਿੰਦਰ ਕੌਰ ਭੁੱਲਰ, ਜ਼ਿਲ੍ਹਾ ਭਲਾਈ ਅਫ਼ਸਰ ਕੁਲਵਿੰਦਰ ਕੌਰ, ਰਾਜਿੰਦਰਾ ਹਸਪਤਾਲ ਤੋਂ ਡਾ. ਗੁਰਮਨਜੀਤ ਕੌਰ ਤੇ ਡਾ. ਸ਼ਿਵਾਨੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ ਮੌਜੂਦ ਸਨ | ਇਸ ਫੇਰੀ ਦੌਰਾਨ ਡਾ ਨਾਇਕ ਨੇ ਸਿਵਲ ਸਰਜਨ ਦਫ਼ਤਰ ਦਾ ਦੌਰਾ ਵੀ ਕੀਤਾ |

