ਖੇਤਰੀ ਪ੍ਰਤੀਨਿਧ
ਪਟਿਆਲਾ, 17 ਅਗਸਤ
ਜ਼ਿਲ੍ਹੇ ਦੀ ਪੀਐਸਪੀਸੀਐਲ ਸਬ-ਡਿਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕੇ ਦੋਸ਼ ਲਾਇਆ ਸੀ ਕਿ ਕ੍ਰਿਸ਼ਨ ਕੁਮਾਰ ਉਸ ਦੇ ਨਾਭਾ ਰੋਡ, ਪਟਿਆਲਾ ਵਿੱਚ ਸਥਿਤ ਪਲਾਟ ’ਚ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ ਪਹਿਲਾਂ 3,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਵਜੋਂ 10,000 ਹੋਰ ਇਹ ਕਹਿ ਕੇ ਮੰਗ ਰਿਹਾ ਹੈ ਕਿ ਰਿਸ਼ਵਤ ਦੀ ਇਹ ਰਕਮ ਪੀ.ਐੱਸ.ਪੀ.ਸੀ.ਐੱਲ. ਕਲਿਆਣ ਵਿੱਚ ਤਾਇਨਾਤ ਐੱਸਡੀਓ ਅਤੇ ਦੋ ਜੇਈਜ਼ ਨਾਲ ਵੰਡਣੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।