ਲੋਕ ਸੰਘਰਸ਼ ਕਮੇਟੀ ਨੇ ਗ੍ਰਹਿ ਮੰਤਰੀ ਦਾ ਪੁਤਲਾ ਫੂਕਿਆ
ਜਲ, ਜੰਗਲ ਤੇ ਜ਼ਮੀਨ ਦੀ ਰਾਖੀ ਕਰ ਰਹੇ ਆਦਿ ਵਾਸੀਆਂ ਦੀ ਅਗਵਾਈ ਕਰ ਰਹੀ ਭਾਰਤੀ ਕਮਿਊਨਿਸਟ ਪਾਰਟੀ (ਮਾਓਵਾਦੀ) ਦੇ ਆਗੂਆਂ ਅਤੇ ਕੇਂਦਰੀ ਕਮੇਟੀ ਦੇ ਮੈਂਬਰਾਂ ਸਣੇ ਲੋਕਾਂ ਨੂੰ ਕਥਿਤ ਝੂਠੇ ਪੁਲੀਸ ਮੁਕਾਬਲਿਆਂ ’ਚ ਮਾਰਨ ਦੇ ਦੋਸ਼ ਲਾਉਂਦਿਆਂ ਲੋਕ ਸੰਘਰਸ਼ ਕਮੇਟੀ ਨੇ ਅੱਜ ਇੱਥੇ ਨਹਿਰੂ ਪਾਰਕ ਵਿੱਚ ਰੋਸ ਰੈਲੀ ਕੀਤੀ ਗਈ। ਰੋਸ ਮਾਰਚ ਮਗਰੋਂ ਇੱਥੋਂ ਦੇ ਸਰਹਿੰਦੀ ਗੇਟ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕੇਂਦਰੀ ਹਕੂਮਤ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਤਕਰੀਰਾਂ ਦੀ ਪੇਸ਼ਕਾਰੀ ਕਰਦਿਆਂ ਖੂਬ ਭੜਾਸ ਵੀ ਕੱਢੀ ਗਈ।
ਪੰਜਾਬ ਸਟੂਡੈਂਟਸ ਯੂਨੀਅਨ ਦੇ ਨੈਸ਼ਨਲ ਕੋਆਰਡੀਨੇਟਰ ਅਮਨਦੀਪ ਸਿੰਘ ਖਿਓਵਾਲੀ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਆਗੂ ਵਿਕਰਮਦੇਵ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੀ ਸਰਹੱਦ ਉੱਪਰ ਭਾਰਤੀ ਕਮਿਊਨਿਸਟ ਪਾਰਟੀ (ਮਾਓਵਾਦੀ) ਦੇ ਸਕੱਤਰ ਤ੍ਰਿਪਤੀ (ਦੇਵ ਜੀ) ਸਮੇਤ ਕੇਂਦਰੀ ਕਮੇਟੀ ਮੈਂਬਰਾਂ ਨੂੰ ਪੁਲੀਸ ਮੁਕਾਬਲਿਆਂ ਦੇ ਨਾਂ ਥੱਲੇ ਮਾਰਨ ਦੇ ਦੋਸ਼ ਲਾਉਂਦਿਆਂ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਗ੍ਰਿਫ਼ਤਾਰ ਆਗੂਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਵੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਭਾਜਪਾ-ਸੰਘ ਸਰਕਾਰ ਦੀ ਨਕਸਲੀਆਂ ਨੂੰ ਮਾਰ ਕੇ ਮੁਕਾਉਣ ਦੀ ਨੀਤੀ ਕਾਨੂੰਨ ਦੇ ਰਾਜ ਅਤੇ ਦੁਨੀਆਂ ਦੀ ਵੱਡੀ ਜਮਹੂਰੀਅਤ ਹੋਣ ਦੇ ਦਾਅਵੇ ਦੇ ਝੂਠ ਨੂੰ ਬੇਪਰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਹਕੂਮਤ ’ਚ ਪੱਤਰਕਾਰਾਂ, ਲੇਖਕਾਂ, ਸਿਆਸੀ ਕਾਰਕੁਨਾਂ ਅਤੇ ਜਮਹੂਰੀ ਹੱਕਾਂ ਦੀ ਗੱਲ ਕਰਨ ਵਾਲੇ ਸਿਆਸੀ ਕਾਰਕੁਨਾਂ ਦੀ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਸਾਲਾਂਬੱਧੀ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਜ਼ਮਾਨਤ ਤੱਕ ਵੀ ਨਹੀਂ ਦਿੱਤੀ ਜਾ ਰਹੀ।
ਲੋਕ ਸੰਘਰਸ਼ ਕਮੇਟੀ ਨੇ ਝੂਠੇ ਪੁਲੀਸ ਮੁਕਾਬਲੇ ਬੰਦ ਕਰਨ, ਹਿਰਾਸਤ ’ਚ ਰੱਖੇ ਮਾਓਵਾਦੀਆਂ, ਆਦਿਵਾਸੀਆਂ ਨੂੰ ਅਦਾਲਤਾਂ ’ਚ ਪੇਸ਼ ਕਰਨ, ਸਿਆਸੀ ਕਾਰਕੁੰਨਾਂ, ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਟੀ ਐੱਸ ਯੂ ਆਗੂ ਗੁਰਚਰਨ ਸਿੰਘ ਡਕੌਂਦਾ, ਇਫਟੂ ਦੇ ਆਗੂ ਸ੍ਰੀਨਾਥ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਿੰਦਰ ਛਿੰਦਾ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਹਰਦੀਪ ਟੋਡਰਪੁਰ ਮੌਜੂਦ ਰਹੇ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਹਰੀਗੜ੍ਹ ਨੇ ਸੰਬੋਧਨ ਕੀਤਾ।
