ਪੱਤਰ ਪ੍ਰੇਰਕ
ਪਾਤੜਾਂ, 6 ਸਤੰਬਰ
ਵਿਧਾਨ ਸਭਾ ਚੋਣਾਂ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਨੂੰ ਘਰ ਘਰ ਲਿਜਾਣ ਦੇ ਮਕਸਦ ਨਾਲ ਅਕਾਲੀ ਆਗੂਆਂ ਨੇ ਨਿਰਮਲ ਸਿੰਘ ਹਰਿਆਊ ਦੀ ਅਗਵਾਈ ਵਿਚ ਮੀਟਿੰਗ ਕਰਕੇ ਤਿਆਰੀਆਂ ਆਰੰਭ ਦਿੱਤੀਆਂ ਹਨ।
ਇਸ ਦੌਰਾਨ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮਲ ਸਿੰਘ ਹਰਿਆਊ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ 13 ਨੁਕਾਤੀ ਪ੍ਰੋਗਰਾਮ ਨੂੰ ਲੋਕਾਂ ਦੀ ਕਾਇਆ ਕਲਪ ਵਾਲਾ ਕਰਾਰ ਦਿੱਤਾ।
ਚਮਕੌਰ ਸਿੰਘ ਬੀਰ ਵੱਲੋਂ ਨੁੱਕੜ ਮੀਟਿੰਗਾਂ
ਸ਼ੇਰਪੁਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵੱਲੋਂ ਐਲਾਨੇ ਉਮੀਦਵਾਰ ਚਮਕੌਰ ਸਿੰਘ ਬੀਰ ਨੇ ਹਲਕਾ ਮਹਿਲ ਕਲਾਂ ਤੇ ਇਸ ਦੇ ਨਾਲ ਸਬੰਧਤ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਰਾਹੀਂ ਆਪਣੀਆਂ ਚੋਣ ਸਰਗਰਮੀਆਂ ਦਾ ਸ਼ੁਰੂਆਤ ਕਰ ਦਿੱਤੀ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਚਮਕੌਰ ਸਿੰਘ ਬੀਰ ਨੇ ਦੱਸਿਆ ਕਿ ਤਕਰੀਬਨ ਚਾਰ ਦਹਾਕਿਆਂ ਤੋਂ ਪਾਰਟੀ ਦਾ ਝੰਡਾ ਫੜਕੇ ਤੁਰੇ ਉਹ ਉਨ੍ਹਾਂ ਆਗੂਆਂ ਵਿੱਚ ਸ਼ੁਮਾਰ ਹਨ ਜਿਨ੍ਹਾਂ ਨੂੰ ਬਾਬੂ ਕਾਂਸ਼ੀ ਰਾਮ ਦੀ ਟੀਮ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ। ਪਿੰਡਾਂ ਵਿੱਚ ਕਿਸਾਨਾਂ ਦੇ ਵਿਰੋਧ ਸਬੰਧੀ ਉਨ੍ਹਾਂ ਕਿਹਾ ਕਿ ਉਹ ਜਨਤਕ ਮੀਟਿੰਗਾਂ ਦੀ ਥਾਂ ਘਰਾਂ ਵਿੱਚ ਜਾ ਕੇ ਨੁੱਕੜ ਮੀਟਿੰਗਾਂ ਕਰ ਰਹੇ ਹਨ।