ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਪਰੈਲ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਦਾ ਕੋਈ ਵੀ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 1 ਜੂਨ ਨੂੰ ਵੋਟਾਂ ਪੁਆਉਣ ਲਈ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਚੋਣਾਂ ਬਾਬਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਅੱਜ ਜ਼ਿਲ੍ਹੇ ਦੇ ਏ.ਡੀ.ਸੀ. (ਜ) ਕੰਚਨ ਤੇ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਪੀ. ਸਥਾਨਕ ਹਰਬੰਤ ਕੌਰ ਤੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਉਨ੍ਹਾਂ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਾਤ ਸਮੂਹ ਅਮਲੇ, ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੋਟਾਂ ਪੁਆਉਣ ਲਈ ਪੋਸਟਲ ਬੈਲੇਟ, ਚੋਣ ਡਿਊਟੀ ਸਰਟੀਫਿਕੇਟ ਸਮੇਂ ਸਿਰ ਤਕਸੀਮ ਕਰਨ ਦੀ ਕਾਰਵਾਈ ਮੁਕੰਮਲ ਕੀਤੀ ਜਾਵੇ।