ਮੰਗਾਂ ਮਨਵਾਉਣ ਲਈ ਇੱਥੇ ਪਾਵਰਕੌਮ ਦਫ਼ਤਰ ਅੱਗੇ ਬਿਜਲੀ ਮੁਲਾਜ਼ਮਾਂ ਦੇ ਧਰਨੇ ਅੱਜ ਵੀ ਜਾਰੀ ਰਹੇ। ਇਸ ਦੌਰਾਨ ਜਿੱਥੇ ਮੀਟਰ ਰੀਡਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ’ਚ ਆਪਣਾ ਸੰਘਰਸ਼ ਜਾਰੀ ਰੱਖਿਆ ਹੋਇਆ ਹੈ, ਉਥੇ ਹੀ ਆਊਟਸੋਰਸ ਵਰਕਰਾਂ ਦਾ ਧਰਨਾ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਅੱਜ ਵੀ ਇੱਥੇ ਪਾਵਰਕੌਮ ਦਫਤਰ ਅੱਗੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਤਕਰੀਰਾਂ ਕਰਦਿਆਂ ਨਾਅਰੇਬਾਜ਼ੀ ਦੌਰਾਨ ਖੂਬ ਭੜਾਸ ਕੱਢੀ।
ਆਊਟਸੋਰਸ ਵਰਕਰਾਂ ਦੇ ਇਸ ਧਰਨੇ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸ਼ਰਮਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ, ਜਿਸ ਕਰ ਕੇ ਹੀ ਉਨ੍ਹਾਂ ਨੂੰ ਅਤਿ ਦੀ ਇਸ ਗਰਮੀ ’ਚ ਵੀ ਤੱਤੀਆਂ ਸੜਕਾਂ ’ਤੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਉਹ ਇਥੇ ਹੀ ਡਟੇ ਰਹਿਣਗੇ।
ਉਨ੍ਹਾਂ ਨੇ ਬਕਾਏ ਜਾਰੀ ਕਰਨ ਸਣੇ ਹੋਰ ਮੰਗਾਂ ਮੰਨੇ ਜਾਣ ’ਤੇ ਵੀ ਜ਼ੋਰ ਦਿੱਤਾ। ਇਸੇ ਤਰ੍ਹਾਂ ਮੀਟਰ ਰੀਡਰਾਂ ਦੀ ਜਥੇਬੰਦੀ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਵੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਪਾਵਰਕੌਮ ਮੈਨੇਜਮੈਂਟ ਉਨ੍ਹਾਂ ਦੀਆਂ ਚਿਰਾਂ ਤੋਂ ਰੋਕੀਆਂ ਗਈਆਂ ਤਨਖ਼ਾਹਾਂ ਤੁਰੰਤ ਜਾਰੀ ਕਰੇ। ਨਾਲ ਹੀ ਉਨ੍ਹਾਂ ਨੇ ਮੀਟਰ ਰੀਡਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ।
