Miri Piri Khalsa March: ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ
ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਖੰਡ ਪਾਠ ਆਰੰਭ
ਅਕਾਲ ਤਖ਼ਤ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਜੇ ਪੜਾਅ ਤਹਿਤ ਅੱਜ ਗੁਰਦੁਆਰਾ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਗਾਗਾ ਲਈ ਰਵਾਨਾ ਹੋਇਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ, ਦਰਬਾਰ ਸਾਹਿਬ ਦੇ ਗ੍ਰੰਥੀ ਰਾਜਦੀਪ ਸਿੰਘ ਹਾਜ਼ਰ ਸਨ।
ਖ਼ਾਲਸਾ ਮਾਰਚ ਦੀ ਰਵਾਨਗੀ ਮਗਰੋਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਵਿੱਚ ਬੰਦੀ ਸਿੰਘ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਖੰਡ ਪਾਠ ਆਰੰਭ ਕੀਤਾ ਗਿਆ। ਇਸ ਦੀ ਅਰਦਾਸ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਗੁਰਲਾਲ ਸਿੰਘ, ਮਲਕੀਤ ਸਿੰਘ ਚੰਗਾਲ, ਬੀਬੀ ਜਸਪਾਲ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਸਾਬਕਾ ਮੈਂਬਰ ਜਥੇਦਾਰ ਉਦੈ ਸਿੰਘ ਤੇ ਗੁਰਮੇਜ ਸਿੰਘ ਸਿੱਧੂ ਮੌਜੂਦ ਸਨ।
ਖਾਲਸਾ ਮਾਰਚ ਦਾ ਦਿੜ੍ਹਬਾ ਪੁੱਜਣ ’ਤੇ ਭਰਵਾਂ ਸਵਾਗਤ
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਅੱਜ ਮੀਰੀ ਪੀਰੀ ਦੇ ਮਾਲਕ ਖਾਲਸਾ ਮਾਰਚ ਦਾ ਦਿੜ੍ਹਬਾ ਅਤੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ। ਪਿੰਡ ਖਡਿਆਲ ਤੋਂ ਦਿੜ੍ਹਬਾ ਅਤੇ ਬਾਅਦ ਇਹ ਮਾਰਚ ਪਿੰਡ ਕੈਂਪਰ, ਰੋਗਲਾ ਹੁੰਦਾ ਹੋਇਆ ਪਿੰਡ ਕੌਹਰੀਆਂ ਵਿੱਚ ਪੁੱਜਿਆ। ਮਾਰਚ ਵਿੱਚ ਸਾਮਲ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਤਕੀ ਅੰਕੜਿਆਂ ਤੋਂ ਇੱਕ ਲੱਖ ਬੱਚਾ ਵੱਧ ਹੋਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅੰਮ੍ਰਿਤ ਛਕ ਕੇ ਪੰਥ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਅਤੇ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ।

