Mission Clean Punjab: ਸਿਹਤ ਮੰਤਰੀ ਨੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ
ਤੀਜੇ ਦਿਨ ਲਗਾਤਾਰ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਜਾਰੀ; ਲੋਕਾਂ ਤੋਂ ਸਹਿਯੋਗ ਮੰਗਿਆ
‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਅੱਜ ਤੀਜੇ ਦਿਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਨੇੜੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕੂੜਾ ਕੂੜੇਦਾਨ ਵਿੱਚ ਪਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਜਾਗਰੂਕ ਕੀਤਾ। ਉਨ੍ਹਾਂ ਨਾਲ ਡੀ ਸੀ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਨਗਰ ਨਿਗਮ ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਮੁਹਿੰਮ ਦੌਰਾਨ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਵਿਰਕ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਸੁਨਾਮ ਊਧਮ ਸਿੰਘ (ਬੀਰ ਇੰਦਰ ਸਿੰਘ ਬਨਭੌਰੀ): ਨਗਰ ਕੌਂਸਲ ਸੁਨਾਮ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਸਾਂਝੇ ਉਪਰਾਲੇ ਨਾਲ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਤਹਿਤ ਸੁਨਾਮ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਮੁੱਖ ਮਾਰਗਾਂ, ਬਾਜ਼ਾਰਾਂ, ਗਲੀਆਂ-ਮੁਹੱਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਅਤੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਵੀ ਮੁਹਿੰਮ ਵਿੱਚ ਯੋਗਦਾਨ ਪਾਇਆ।
ਡਾ. ਬਲਬੀਰ ਸਿੰਘ ਵੱਲੋਂ ਪਾਰਕ ਦਾ ਉਦਘਾਟਨ
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਵਿਕਾਸ ਨਗਰ ਵਿੱਚ ਵਣ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਲਗਪਗ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਾਤਾਵਰਨ ਪਾਰਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਕਰੀਬ 5 ਏਕੜ ਰਕਬੇ ਵਿੱਚ ਇਹ ਪਾਰਕ ਵਿਕਸਤ ਕੀਤਾ ਗਿਆ ਹੈ। ਇਸ ਵਿੱਚ 1600 ਮੀਟਰ ਲੰਬਾ ਸੈਰ ਕਰਨ ਵਾਲਾ ਟਰੈਕ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 25 ਬੈਂਚ, 30 ਸੋਲਰ ਲਾਈਟਾਂ ਅਤੇ 15 ਕੂੜੇਦਾਨ ਲਾਏ ਗਏ ਹਨ। ਪੌਦਿਆਂ ਦੀ ਸਿੰਚਾਈ ਲਈ 800 ਮੀਟਰ ਲੰਬੀ ਪਾਣੀ ਦੀ ਪਾਈਪਲਾਈਨ ਵੀ ਵਿਛਾਈ ਗਈ ਹੈ। 5000 ਫਲਦਾਰ ਅਤੇ ਸਜਾਵਟੀ ਬੂਟੇ ਲਾਏ ਗਏ ਹਨ। ਇਸ ਮੌਕੇ ਡੀ ਐੱਫ ਓ ਸਤਿੰਦਰ ਸਿੰਘ, ਇੰਪਰੂਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਵਿਰਕ, ਜਸਬੀਰ ਗਾਂਧੀ, ਵਣ ਵਿਭਾਗ ਦੇ ਰੇਂਜ ਅਫ਼ਸਰ ਗੁਰਿੰਦਰ ਸਿੰਘ, ਬਲਾਕ ਅਫ਼ਸਰ ਰਮਨਦੀਪ ਸਿੰਘ ਮੌਜੂਦ ਸਨ।
ਨਗਰ ਪੰਚਾਇਤ ਅਮਰਗੜ੍ਹ ਵੱਲੋਂ ਸਫ਼ਾਈ ਮੁਹਿੰਮ ਜਾਰੀ
ਅਮਰਗੜ੍ਹ (ਸੁਖਵਿੰਦਰ ਸਿੰਘ ਅਟਵਾਲ): ਨਗਰ ਪੰਚਾਇਤ ਅਮਰਗੜ੍ਹ ਵੱਲੋਂ ਪੰਜਾਬ ਸਰਕਾਰ ਦੁਆਰਾ ਸੂਬੇ ਨੂੰ ਸਾਫ਼-ਸੁਥਰਾ,ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਜੰਗੀ ਪੱਧਰ ‘ਤੇ ਜਾਰੀ ਹੈ। ਨਗਰ ਪੰਚਾਇਤ ਅਮਰਗੜ੍ਹ ਦੀ ਪ੍ਰਧਾਨ ਰੁਚੀਕਾ ਕੌੜਾ ਨੇ ਦੱਸਿਆ ਕਿ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਨਗਰ ਪੰਚਾਇਤ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਵੀ ਮੁਹਿੰਮ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਸਮਾਜਸੇਵੀ ਦੀਪਕ ਕੌੜਾ, ਕੌਂਸਲਰ ਸਵਰਨ ਸਿੰਘ,ਸੰਦੀਪ ਕੌੜਾ, ਬਲਵੀਰ ਸਿੰਘ,ਗੁਰਬੀਰ ਸਿੰਘ ਸੋਹੀ, ਸੁਖਵਿੰਦਰ ਸਿੰਘ ਸੁੱਖਾ,ਵਰੁਣ ਸਿੰਗਲਾ, ਸਵਰਨ ਪ੍ਰੇਮ ਚੰਦ ਕਪੂਰ,ਡਾਕਟਰ ਕਿਰਨ ਕੁਮਾਰ, ਸਰਜੀਵਨ ਕੁਮਾਰ ਹਾਜ਼ਰ ਸਨ।

