ਪੱਤਰ ਪ੍ਰੇਰਕ
ਘਨੌਰ, 27 ਫਰਵਰੀ
ਹਲਕਾ ਘਨੌਰ ਦੇ ਕਈ ਪਿੰਡਾਂ ਦੇ ਪੰਚਾਇਤੀ ਫੰਡਾਂ ਵਿੱਚ ਹੋਈ ਕਰੋੜਾਂ ਰੁਪਏ ਦੀ ਕਥਿਤ ਹੇਰਾਫੇਰੀ ਵਿੱਚ ਸਿਰਫ਼ ਅਧਿਕਾਰੀ ਹੀ ਜ਼ਿੰਮੇਵਾਰ ਨਹੀਂ ਸਗੋਂ ਇਸ ਵਿੱਚ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਬਰਾਬਰ ਦੇ ਜ਼ਿੰਮੇਵਾਰ ਹਨ। ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਘਨੌਰ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਘਨੌਰ ਨੇੜਲੇ ਪੈਲੇਸ ਵਿੱਚ ਅਕਾਲੀ-ਬਸਪਾ ਆਗੂਆਂ ਅਤੇ ਵਰਕਰਾਂ ਨਾਲ ਇਕ ਮਿਲਣੀ ਦੌਰਾਨ ਲਾਏ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪਿਛਲੇ ਸਾਲਾਂ ਦੌਰਾਨ ਆਈ ਕਰੋੜਾਂ ਰੁਪਏ ਦੀ ਸਰਕਾਰੀ ਰਾਸ਼ੀ ਨੂੰ ਸੰਨ ਲਗਾਉਣ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਸਰਕਾਰ ਆਉਣ ’ਤੇ ਫੰਡਾਂ ਦੀ ਦੁਰਵਰਤੋਂ ਸਬੰਧੀ ਜਾਂਚ ਕਮੇਟੀ ਗਠਿਤ ਕਰਕੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਇਸ ਮੌਕੇ ਜਸ਼ਮੇਰ ਸਿੰਘ ਲਾਛੜੂ, ਬਲਦੇਵ ਸਿੰਘ ਮਹਿਰਾ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਹਰਵਿੰਦਰ ਸਿੰਘ ਹਰਪਾਲਪੁਰ ਸਮੇਤ ਹੋਰ ਆਗੂ ਮੌਜੂਦ ਸਨ।