ਅਸ਼ਵਨੀ ਗਰਗ/ਸੁਭਾਸ਼ ਚੰਦਰ
ਸਮਾਣਾ, 14 ਮਾਰਚ
ਹਲਕਾ ਸਮਾਣਾ ਤੋਂ ਨਵੇਂ ਬਣੇ ਵਿਧਾਇਕ ਚੇਤਨ ਜੌੜਾਮਾਜਰਾ ਨੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਨਸ਼ਾ ਤਸਕਰਾਂ ਦੀਆਂ ਸੂਚੀਆਂ ਤੁਰੰਤ ਤਿਆਰ ਕਰਨ ਦੇ ਨਾਲ ਨਾਲ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪੁਲੀਸ ਮੁਲਾਜ਼ਮਾਂ ਦਾ ਇੱਕ ਹਫ਼ਤੇ ਵਿੱਚ ਡੋਪ ਟੈਸਟ ਕਰਵਾਉਣ ਲਈ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਹਾਲਾਂਕਿ ਇਨ੍ਹਾਂ ਪੁਲੀਸ ਅਧਿਕਾਰੀਆਂ ਵਿੱਚ ਖੁਦ ਡੀਐੱਸਪੀ ਸਮਾਣਾ ਸਣੇ ਕਈ ਮਹਿਲਾ ਅਧਿਕਾਰੀ ਵੀ ਹਨ।
ਇੱਥੇ ਰੈਸਟ ਹਾਊਸ ਵਿੱਚ ‘ਆਪ’ ਵਿਧਾਇਕ ਚੇਤਨ ਜੌੜਾਮਾਜਰਾ ਨੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਸ਼ਿਆਂ ਨੂੰ ਪਹਿਲ ਦੇ ਆਧਾਰ ’ਤੇ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਾ ਤਸਕਰੀ ਵਿੱਚ ਲੱਗੇ ਕਿਸੇ ਵੀ ਵਿਅਕਤੀ ਨੂੰ ਨਾ ਬਖ਼ਸ਼ਣ, ਚਾਹੇ ਉਹ ਉਸ ਦਾ ਕੋਈ ਰਿਸ਼ਤੇਦਾਰ ਹੀ ਕਿਉਂ ਨਾ ਹੋਵੇ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਸੱਟਾ ਤੇ ਹੋਰ ਗੈਰ ਕਾਨੂੰਨੀ ਧੰਦਿਆਂ ’ਤੇ ਵੀ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬੰਦ ਕਰਵਾਉਣ ਦੇ ਆਦੇਸ਼ ਦਿੱਤੇ। ‘ਆਪ’ ਵਿਧਾਇਕ ਨੇ ਕਿਹਾ ਕਿ ਜਿਸ ਵੀ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਨਸ਼ਾ ਤਸਕਰੀ, ਜੂਆ, ਸੱਟਾ ਜਾਂ ਕੋਈ ਹੋਰ ਗੈਰਕਾਨੂੰਨੀ ਗਤੀਵਿਧੀ ਹੋਵੇਗੀ ,ਉਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ।
‘ਆਪ’ ਵਿਧਾਇਕ ਨੇ ਮੀਟਿੰਗ ਦੌਰਾਨ ਸਾਰੇ ਪੁਲੀਸ ਮੁਲਾਜ਼ਮਾਂ ਦਾ ਇੱਕ ਹਫ਼ਤੇ ਵਿੱਚ ਡੋਪ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ ਛੇਤੀ ਹੀ ਨਵੀਂ ਭਰਤੀ ਕਰਕੇ ਮੁਲਾਜ਼ਮਾਂ ਦੇ ਮੋਢਿਆਂ ਤੋਂ ਕੰਮ ਦਾ ਭਾਰ ਘਟਾਵੇਗੀ।
ਡੀਐੱਸਪੀ ਸਮਾਣਾ ਪ੍ਰਭਜੋਤ ਕੌਰ ਨੇ ਕਿਹਾ ਕਿ ਡੋਪ ਟੈਸਟ ਉੱਚ ਅਧਿਕਾਰੀਆਂ ਦੇ ਕਹਿਣ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਡੋਪ ਟੈਸਟ ਕਰਵਾਉਣ ਸਬੰਧੀ ਹਦਾਇਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ ਤੇ ਉੱਚ ਅਧਿਕਾਰੀਆਂ ਦੇ ਆਦੇਸ਼ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।