ਪੱਤਰ ਪ੍ਰੇਰਕ
ਦੇਵੀਗੜ੍ਹ, 7 ਅਕਤੂਬਰ
ਭਾਰਤ ਦੇ ਗੁਜਰਾਤ ਰਾਜ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਲਈ ਸਾਰੇ ਦੇਸ਼ ਵਿੱਚੋਂ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂ ਆਪਣੀ ਆਪਣੀ ਪਾਰਟੀ ਨੂੰ ਜਿਤਾਉਣ ਲਈ ਆਪਣਾ ਆਪਣਾ ਜ਼ੋਰ ਲਗਾ ਕੇ ਜਿਤਾਉਣ ਲਈ ਉਥੇ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਇਸੇ ਤਹਿਤ ਜ਼ਿਲਾ ਪਟਿਆਲਾ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਆਪਣੇ ਸਾਥੀ ਵਿਧਾਇਕ ਡਾ. ਬਲਬੀਰ ਸਿੰਘ, ਵਿਧਾਇਕ ਜਸਵੰਤ ਸਿੰਘ ਤੇ ਆਪਣੀ ਟੀਮ ਨਾਲ ਗੁਜਰਾਤ ਲਈ ਰਵਾਨਾ ਹੋ ਗਏ।
ਗੁਜਰਾਤ ਲਈ ਰਵਾਨਾ ਹੋਣ ਸਮੇਂ ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ ਅਤੇ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੀਆਂ ਦੇਸ਼ ਪ੍ਰਤੀ ਵੰਡ ਪਾਊ ਨੀਤੀਆਂ ਤੋਂ ਬਹੁਤ ਦੁਖੀ ਹਨ ਅਤੇ ਚੋਣਾਂ ਦੌਰਾਨ ਭਾਜਪਾ ਨੂੰ ਬਹੁਤ ਵੱਡਾ ਝਟਕਾ ਦੇਣ ਨੂੰ ਤਿਆਰ ਹਨ। ਪਠਾਣਮਾਜਰਾ ਨੇ ਕਿਹਾ ਕਿ ਹੁਣ ਹਾਈਕਮਾਂਡ ਵੱਲੋਂ ਚੋਣ ਪ੍ਰਚਾਰ ਲਈ ਲਾਈ ਡਿਊਟੀ ਦੌਰਾਨ ਉਹ ਕੁਝ ਦਿਨ ਗੁਜਰਾਤ ਵਿੱਚ ਰਹਿ ਕੇ ‘ਆਪ’ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ।