ਖੇਤੀ ਬਚਾਓ-ਲੋਕਤੰਤਰ ਬਚਾਓ ਦਿਵਸ ਲਈ ਲਾਮਬੰਦੀ

ਗਵਰਨਰ ਹਾਊਸ ਤੱਕ ਮਾਰਚ ਸਬੰਧੀ ਮੀਟਿੰਗਾਂ ਤੇ ਫੇਰੀਆਂ ਦਾ ਦੌਰ ਜਾਰੀ

ਖੇਤੀ ਬਚਾਓ-ਲੋਕਤੰਤਰ ਬਚਾਓ ਦਿਵਸ ਲਈ ਲਾਮਬੰਦੀ

ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਬੀਬੀਆਂ।

ਸਰਬਜੀਤ ਸਿੰਘ ਭੰਗੂ

ਪਟਿਆਲਾ, 20 ਜੂਨ

ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਸੰਘਰਸ਼ 26 ਜੂਨ ਨੂੰ ਸੱਤ ਮਹੀਨੇ ਪੂਰੇ ਕਰ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜੂਨ ਨੂੰ ‘ਖੇਤੀ ਬਚਾਉ-ਲੋਕਤੰਤਰ ਬਚਾਓ’ ਦਿਵਸ ਮਨਾਉਣ ਦਾ ਸੱਦਾ ਦਿੰਦਿਆਂ ਰਾਜ ਭਵਨ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਗਵਰਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕਿਸਾਨ ਕਾਫਲਾ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਤੋਂ ਰਵਾਨਾ ਹੋਵੇਗਾ ਜਿਸ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਝੋਨੇ ਦੀ ਲਵਾਈ ’ਚ ਰੁੱਝੇ ਹੋਣ ਦੇ ਬਾਵਜੂਦ ਕਿਸਾਨ ਆਗੂਆਂ ਵੱਲੋਂ ਕਿਸਾਨਾਂ ਨਾਲ਼ ਸਵੇਰੇ ਸ਼ਾਮ ਘਰਾਂ ’ਚ, ਇਥੋਂ ਤੱਕ ਕਿ ਖੇਤਾਂ ਵਿਚ ਪਹੁੰਚ ਕੇ ਵੀ ਰਾਬਤਾ ਸਾਧਿਆ ਜਾ ਰਿਹਾ ਹੈ । ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਰਾਜੇਵਾਲ, ਹਰਮੀਤ ਕਾਦੀਆਂ ਅਤੇ ਜਗਮੋਹਨ ਪਟਿਆਲਾ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਭਰ ’ਚ ਤਿਆਰੀਆਂ ਜ਼ੋਰਾਂ ’ਤੇ ਹਨ। 32 ਜਥੇਬੰਦੀਆਂ ਵੱਲੋਂ ਪੰਜਾਬ ਭਰ ’ਚ 108 ਥਾਵਾਂ ’ਤੇ 262ਵੇਂ ਦਿਨ ਵੀ ਧਰਨੇ ਜਾਰੀ ਹਨ। ਸਰਕਾਰ ਨੂੰ ਖੇਤੀ-ਕਾਨੂੰਨ, ਨਵਾਂ ਬਿਜਲੀ ਸੋਧ ਬਿੱਲ ਅਤੇ ਪਰਾਲੀ ਆਰਡੀਨੈਂਸ ਵਾਪਿਸ ਲੈਣ ਸਮੇਤ ਸਾਰੀਆਂ ਫਸਲਾਂ ਲਈ ਐਮਐਸਪੀ ਲਾਗੂ ਕਰਨੀ ਹੀ ਪਵੇਗੀ।

ਇਸੇ ਦੌਰਾਨ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਬੁਰਜਗਿੱਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਫੂਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਵਾਜਪੁਰ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਗੁਰਮੀਤ ਦਿੱਤੂਪੁਰ, ਅਵਤਾਰ ਕੌਰਜੀਵਾਲਾ ਤੇ ਗੁਰਧਿਆਨ ਸਿਓਣਾ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਬਹਿਰੂ, ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸ਼ਾਦੀਪੁਰ, ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਨਿਆਲ, ਰਘਬੀਰ ਨਿਆਲ, ਕਿਸਾਨ ਯੂਨੀਅਨ ਚੜੂਨੀ ਦੇ ਸੂਬਾਈ ਜਨਰਲ ਸਕੱਤਰ ਚਮਕੌਰ ਭੰਗੂ ਨੇ ਕਿਸਾਨਾਂ ’ਚ ਭਾਰੀ ਉਤਸ਼ਾਹ ਦੀ ਗੱਲ ਆਖੀ।

ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਰਿਲਾਇੰਸ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ 262 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ, ਕਰਨੈਲ ਗਨੋਟਾ, ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਨੇ ਮੋਦੀ ਸਰਕਾਰ ਖ਼ਿਲਾਫ਼ ਭੜਾਸ ਕੱਢੀ ਤੇ ਮਤਾ ਪਾਸ ਕਰਕੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 262ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ , ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਕੁਲਵਿੰਦਰ ਕੌਰ, ਮਹਿੰਦਰ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ ਵੀ ਹਾਜ਼ਰ ਸਨ।

ਖੇਤੀ ਕਾਨੂੰਨਾਂ ਖ਼ਿਲਾਫ਼ ਪੱਕੇ ਮੋਰਚਿਆਂ ’ਚ ਗਰਜੇ ਕਿਸਾਨ

ਧਰਨੇ ਦੌਰਾਨ ਨਾਅਰੇਬਾਜ਼ੀ ਕਰਦੀਆਂ ਹੋਈਆਂ
ਕਿਸਾਨ ਬੀਬੀਆਂ ਤੇ ਕਿਸਾਨ।

ਸੰਗਰੂਰ (ਗੁਰਦੀਪ ਸਿੰਘ ਲਾਲੀ):31 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਰੋਸ ਧਰਨੇ ਨੂੰ ਕਿਸਾਨ ਆਗੂ ਮੱਘਰ ਸਿੰਘ ਉਭਾਵਾਲ, ਜਰਨੈਲ ਸਿੰਘ ਜਹਾਂਗੀਰ, ਗੁਰਚਰਨ ਸਿੰਘ ਭਿੰਡਰਾਂ, ਮਹਿੰਦਰ ਸਿੰਘ ਭੱਠਲ, ਕੁਲਦੀਪ ਕੁਮਾਰ, ਡਾ. ਅਮਨਦੀਪ ਕੌਰ ਗੋਸਲ, ਦਰਸ਼ਨ ਸਿੰਘ ਚੱਠਾ ਸੇਖਵਾਂ ਅਤੇ ਇੰਦਰਜੀਤ ਸਿੰਘ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਭਾਜਪਾ ਆਗੂ ਦੇ ਘਰ ਅੱਗੇ ਤੇ ਰਿਲਾਇੰਸ ਪੰਪ ਖੇੜੀ ਅੱਗੇ ਚੱਲ ਰਹੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਸਿੰਘ ਬਡਰੁੱਖਾਂ, ਗੁਰਦੀਪ ਕੰਮੋਮਾਜਰਾ, ਲਾਭ ਸਿੰਘ ਖੁਰਾਣਾ ਅਤੇ ਸ਼ਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਵਿਚ ਜਿਥੇ ਖੇਤੀ ਮਾਰੂ ਅਤੇ ਹੋਰ ਲੋਕ ਮਾਰੂ ਕਾਲੇ ਕਾਨੂੰਨ ਬਣਾਏ ਗਏ ਹਨ ਉਥੇ ਮਹਿੰਗਾਈ ਵੀ ਪੂਰੇ ਸਿਖ਼ਰ ’ਤੇ ਹੈ ਜਿਸ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਅੰਦੋਲਨ ਦੌਰਾਨ ਵੀ ਖੇਤੀ ਕਾਨੂੰਨ ਰੱਦ ਕਰਵਾ ਕੇ ਜਿੱਤ ਦੇ ਝੰਡੇ ਬੁਲੰਦ ਕਰਨਗੇ।

ਖੇਤੀ ਕਾਨੂੰਨ ਦੀ ਵਾਪਸੀ ਤੱਕ ਡਟੇ ਰਹਿਣ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸੁਨਾਮ ਵਿਚ ਰਿਲਾਇੰਸ ਦੇ ਟਰੈਂਡਜ਼ ਮਾਲ ਅੱਗੇ ਚੱਲ ਰਹੇ ਕਿਸਾਨੀ ਧਰਨੇ ਵਿਚ ਕਿਸਾਨਾਂ ਦੀ ਗਿਣਤੀ ਮੁੜ ਵਧਣ ਲਗ ਪਈ ਹੈ। ਝੋਨਾ ਲਾਉਣ ਤੋਂ ਬਾਅਦ ਕਿਸਾਨ ਮੁੜ ਧਰਨੇ ਵਿਚ ਸ਼ਮੂਲੀਅਤ ਕਰਨ ਲੱਗ ਪਏ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕਿਸਾਨ ਖੇਤੀ ਬਿੱਲਾਂ ਦੀ ਵਾਪਸੀ ਤੱਕ ਦਿਲੀ ਦੀਆਂ ਬਰੂਹਾਂ ਨੂੰ ਮੁਕਤ ਨਹੀਂ ਕਰਨਗੇ ਚਾਹੇ ਇਸ ਲਈ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਅੱਜ ਦੇ ਮੋਰਚੇ ਵਿਚ ਗੋਬਿੰਦ ਸਿੰਘ ਚੱਠਾ, ਮਹਿੰਦਰ ਨਮੋਲ, ਰਾਮਸ਼ਰਨ ਸਿੰਘ ਉਗਰਾਹਾਂ, ਰਾਮਪਾਲ ਸੁਨਾਮ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All