ਗੁਰਜੀਤ ਖ਼ਾਲਸਾ ਦੇ ਹੱਕ ਵਿੱਚ ਲਾਮਬੰਦੀ
ਗੋਲਡਨ ਹੱਟ ਹੋਟਲ ਦੇ ਮਾਲਕ ਰਾਮ ਸਿੰਘ ਰਾਣਾ, ਗਊ ਰਕਸ਼ਾ ਦਲ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸ਼ਹੀਦ ਭਾਈ ਮਨੀ ਸਿੰਘ ਅੰਤਰਰਾਸ਼ਟਰੀ ਟਰੱਸਟ ਦੇ ਮੁਖੀ ਦਲੀਪ ਸਿੰਘ ਬਿੱਕਰ ਵੱਲੋਂ ਅੱਜ ਰਾਜਪੁਰਾ ਅਨਾਜ ਮੰਡੀ ਵਿੱਚ ਆੜ੍ਹਤੀ ਸੁਨੀਲ ਕੁਮਾਰ ਦੀ ਦੁਕਾਨ ’ਤੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਾਰੇ ਧਰਮਾਂ ਦੇ ਲੋਕਾਂ ਨੂੰ 12 ਅਕਤੂਬਰ ਨੂੰ ਸਮਾਣਾ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਈ ਗੁਰਜੀਤ ਸਿੰਘ ਖ਼ਾਲਸਾ ਨੇ ਕੋਈ ਨਿੱਜੀ ਲਾਭ ਲਈ ਨਹੀਂ, ਸਗੋਂ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਲਈ 400 ਫੁੱਟ ਉੱਚੇ ਟਾਵਰ ’ਤੇ ਧਰਨਾ ਲਗਾਇਆ ਹੋਇਆ ਹੈ। ਇਸ ਲਈ ਹਰ ਧਰਮ, ਹਰ ਭਾਈਚਾਰੇ ਦੇ ਲੋਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਇਨਸਾਨੀਅਤ ਅਤੇ ਧਰਮ ਦੀ ਲੜਾਈ ਵਿੱਚ ਭਾਈ ਖ਼ਾਲਸਾ ਦਾ ਸਾਥ ਦੇਣ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵਾਂਗ ਹੀ 12 ਅਕਤੂਬਰ ਨੂੰ ਸੰਗਤ ਲਈ ਲੰਗਰ, ਸਾਊਂਡ, ਟੈਂਟ ਆਦਿ ਦਾ ਪੂਰਾ ਪ੍ਰਬੰਧ ਕਰੇਗੀ। ਅੰਤ ਵਿੱਚ ਸਾਰੇ ਧਰਮਾਂ ਅਤੇ ਪਾਰਟੀਆਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ 12 ਅਕਤੂਬਰ ਨੂੰ ਸਮਾਣਾ ਪਹੁੰਚ ਕੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਭਾਈ ਰਾਣਾ ਨੂੰ ਲੋਈ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਰਾਣਾ, ਜਸਵੀਰ ਸਿੰਘ ਜੱਸੀ, ਬਲਵਿੰਦਰ ਸਿੰਘ ਨੇਪਰਾਂ, ਸੁਰਿੰਦਰ ਸਿੰਘ ਘੁਮਾਣਾ, ਮਿੰਟੂ ਸਰਪੰਚ, ਬੱਬੂ ਖਰਾਜਪੁਰ, ਅੰਮ੍ਰਿਤਪਾਲ ਸਿੰਘ ਖ਼ਾਲਸਾ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।