ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 24 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਮੀਟਿੰਗ ਯੂਨੀਅਨ ਦੇ ਰਾਜਪੁਰਾ ਦਫਤਰ ਵਿੱਚ ਬਲਾਕ ਪ੍ਰਧਾਨ ਗੁਰਦੇਵ ਸਿੰਘ ਜੰਡੌਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਸਵੀਰ ਸਿੰਘ ਚੰਦੂਆਂ, ਭਗਵਾਨ ਸਿੰਘ ਖਾਲਸਾ ਹਰਪਾਲਪੁਰ, ਜਵਾਹਰ ਲਾਲ, ਉਜਾਗਰ ਸਿੰਘ ਧਮੌਲੀ, ਅਜਮੇਰ ਸਿੰਘ, ਮਨਪ੍ਰੀਤ ਸਿੰਘ ਨੀਲਪੁਰ ਸਮੇਤ ਹੋਰਾਂ ਨੇ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਨੇ ਕਿਹਾ ਕਿ ਯੂਨੀਅਨ ਵੱਲੋਂ 31 ਜੁਲਾਈ ਨੂੰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਭਰਵਾਂ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 31 ਜੁਲਾਈ ਨੂੰ ਸੁਨਾਮ ਪੁੱਜਣ। ਇਸ ਮੌਕੇ ਯੂਨੀਅਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖਾਲੀ ਸਰਕਲਾਂ ਵਿੱਚ ਤੁਰੰਤ ਪਟਵਾਰੀ ਭੇਜੇ ਜਾਣ।
ਉਥੇ ਹੀ ਇਥੋਂ ਦੀ ਅਨਾਜ ਮੰਡੀ ਵਿੱਚ ਆਲ ਇੰਡੀਆ ਕਿਸਾਨ ਫੈਡਰੇਸ਼ਨ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮੰਡੌਲੀ ਅਤੇ ਲਸ਼ਕਰ ਸਿੰਘ ਸਰਦਾਰਗੜ੍ਹ ਦੀ ਸਾਂਝੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਪੰਜ ਕਿਸਾਨ ਜਥੇਬੰਦੀਆਂ ਵੱਲੋਂ 5 ਅਗਸਤ ਨੂੰ ਪਾਣੀ ਦੇ ਮੁੱਦੇ ’ਤੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ’ਚ ਕੀਤੇ ਜਾ ਰਹੇ ਇਕੱਠ ਸਬੰਧੀ ਵਿਚਾਰ ਚਰਚਾ ਕੀਤੀ।
ਕਿਰਤੀ ਕਿਸਾਨ ਯੂਨੀਅਨ ਦੇ ਇਸਤਰੀ ਵਿੰਗ ਦੀ ਮੀਟਿੰਗ
ਲੌਂਗੋਵਾਲ (ਜਗਤਾਰ ਸਿੰਘ ਨਹਿਲ): ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਇਸਤਰੀ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਤਕੀਪੁਰ ਦੀ ਅਗਵਾਈ ਹੇਠ ਹੋਈ। ਵਿੰਗ ਦੀ ਸੂਬਾ ਕਨਵੀਨਰ ਹਰਦੀਪ ਕੌਰ ਕੋਟਲਾ ਨੇ ਦਿੱਲੀ ਅੰਦੋਲਨ ਦੀਆਂ ਬਾਕੀ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 31 ਜੁਲਾਈ ਨੂੰ ਰੇਲਾਂ ਜਾਮ ਕਰਨ ਦੇ ਪ੍ਰੋਗਰਾਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।