ਸੁਭਾਸ਼ ਚੰਦਰ
ਸਮਾਣਾ, 6 ਮਾਰਚ
ਇੱਥੇ ਬੀਤੀ ਰਾਤ ਹੋਏ ਹਾਦਸੇ ਵਿੱਚ ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਪੋਸਟ ਮਾਰਟਮ ਲਈ ਉਸ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
ਸਿਟੀ ਪੁਲੀਸ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਗਟ ਸਿੰਘ ਨਿਵਾਸੀ ਜੱਟਾ ਪਤੀ, ਸਮਾਣਾ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਪਿਤਾ ਸੁੱਚਾ ਸਿੰਘ (56) ਮੋਟਰਸਾਈਕਲ ’ਤੇ ਸੇਖੋਂ ਕਲੋਨੀ ਨੇੜੇ ਆ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉੱਥੇ ਖੜ੍ਹੇ ਦਲੀਪ ਸਿੰਘ ਨਿਵਾਸੀ ਮਲਕਾਨਾ ਪਤੀ ਨਾਲ ਵੀ ਟਕਰਾ ਗਿਆ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਦੋਵੇਂ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਹਾਲਤ ਵੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ। ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸੁੱਚਾ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਲੱਤਾਂ ਟੁੱਟ ਜਾਣ ਕਾਰਨ ਦਲੀਪ ਸਿੰਘ ਅਜੇ ਇਲਾਜ ਅਧੀਨ ਹੈ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ।