Municipal Corporation Elections: ਰਿਪੋਰਟ ਜਨਤਕ ਹੋਣ ਮਗਰੋਂ ਕਾਂਗਰਸ ਸਰਗਰਮ
ਪਟਿਆਲਾ ਨਗਰ ਨਿਗਮ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦਾ ਮਾਮਲਾ
ਪਟਿਆਲਾ ਨਗਰ ਨਿਗਮ ਚੋਣਾਂ ਨਾਲ ਸਬੰਧਤ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਬਣਾਈ ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਇਸ ਨੂੰ ਪਟਿਆਲਵੀਆਂ ਅਤੇ ਲੋਕਤੰਤਰਿਕ ਪ੍ਰਕਿਰਿਆ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਗ੍ਰਹਿ ਵਿੱਚ ਇਹ ਜਾਣਕਾਰੀ ਦਿੱਤੀ। ਮੋਹਿਤ ਮੋਹਿੰਦਰਾ ਨੇ ਕਾਂਗਰਸ ਵਰਕਰਾਂ, ਨਗਰ ਨਿਗਮ ਚੋਣਾਂ ਨਾਲ ਸਬੰਧਤ ਉਮੀਦਵਾਰਾਂ, ਪਟੀਸ਼ਨਰਾਂ, ਕਾਨੂੰਨੀ ਟੀਮ ਅਤੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਲੜਾਈ ਸ਼ੁਰੂ ਤੋਂ ਹੀ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਅਤੇ ਪਟਿਆਲਾ ਵਾਸੀਆਂ ਦੇ ਹੱਕਾਂ ਨਾਲ ਜੁੜੀ ਹੋਈ ਸੀ। ਉਨ੍ਹਾਂ ਕਿਹਾ ਕਿ ਰਿਪੋਰਟ ਜਨਤਕ ਹੋਣਾ ਮਹੱਤਵਪੂਰਨ ਪੜਾਅ ਹੈ, ਪਰ ਅੰਤਿਮ ਫ਼ੈਸਲਾ ਅਜੇ ਸੁਪਰੀਮ ਕੋਰਟ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ 12 ਅਗਸਤ 2025 ਨੂੰ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਕਾਂਗਰਸ ਦੇ ਕਈ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਗਿਆ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਮੇਟੀ ਨੇ ਰਿਪੋਰਟ 18 ਨਵੰਬਰ 2025 ਨੂੰ ਸੁਪਰੀਮ ਕੋਰਟ ਦੇ ਸਾਹਮਣੇ ਪੇਸ਼ ਕੀਤੀ ਸੀ ਅਤੇ ਹੁਣ ਇਸ ਦੇ ਜਨਤਕ ਹੋਣ ਨਾਲ ਮਾਮਲੇ ਨਾਲ ਸਬੰਧਤ ਕਈ ਤੱਥ ਸਾਹਮਣੇ ਆਏ ਹਨ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸੀਨੀਅਰ ਐਡਵੋਕੇਟ ਵਿਵੇਕ ਜੈਨ ਅਤੇ ਪਾਰਟੀ ਦੀ ਕਾਨੂੰਨੀ ਟੀਮ ਨੇ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

